ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਪੰਚਾਇਤ ਤੇ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੇਜਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਬਲਾਕ ਬੁਢਲਾਡਾ ਦੇ ਬੀਡੀਪੀਓ ਮੇਜਰ ਸਿੰਘ ਨੇ ਪ੍ਰਾਇਮਰੀ ਸਕੂਲਾਂ ’ਚ ਪਾਣੀ ਸ਼ੁੱਧ ਕਰਨ ਲਈ ਆਰਓ ਸਿਸਟਮ ਲਗਾਉਣ ਲਈ, ਜੋ ਗਰਾਂਟ ਜਾਰੀ ਕਰਨੀ ਸੀ, ਉਸ ਵਿੱਚ ਉਸ ਨੇ ਰੁਕਾਵਟ ਪੈਦਾ ਕਰਦਿਆਂ ਰਿਸ਼ਵਤ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੀਡੀਪੀਓ ਵਿਰੁੱਧ, ਜੋ ਦੋਸ਼ ਲੱਗੇ ਸਨ, ਉਹ ਸਹੀ ਸਾਬਤ ਹੋਣ ਮਗਰੋਂ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਕਿਸੇ ਵੀ ਘੁਟਾਲੇ ਜਾਂ ਰਿਸ਼ਵਤਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।