ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਨਵੰਬਰ
ਪਿੰਡ ਕੁੰਭੜਾ ਵਿੱਚ ਨਾਬਾਲਗ ਦੇ ਕਤਲ ਮਾਮਲੇ ’ਚ ਮੁਹਾਲੀ ਪੁਲੀਸ ਨੇ ਅੱਜ ਨਾਬਾਲਗ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਮੁਲਜ਼ਮ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਮੁਹਾਲੀ ਪੁਲੀਸ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਅੱਜ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਮਨ ਟਾਕ ਵਾਸੀ ਯੂਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ ਅਤੇ ਅਰੁਣ ਕੁਮਾਰ ਤੇ ਆਕਾਸ਼ ਕੁਮਾਰ ਵਾਸੀ ਯੂਪੀ ਵਜੋਂ ਹੋਈ ਹੈ, ਜੋ ਇਸ ਸਮੇਂ ਪਿੰਡ ਕੁੰਭੜਾ ਵਿੱਚ ਪੀਜੀ ’ਚ ਰਹਿੰਦੇ ਸਨ, ਜਦੋਂਕਿ ਚੌਥਾ ਮੁਲਜ਼ਮ (ਨਾਬਾਲਗ) ਹੈ। ਇੱਕ ਮੁਲਜ਼ਮ ਗੌਰਵ ਕੁਮਾਰ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ’ਚ ਰਿਤੇਸ਼ ਕੁਮਾਰ ਅਤੇ ਅਮਿਤ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਫਿਲਹਾਲ ਇਹ ਦੋਵੇਂ ਫ਼ਰਾਰ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਏਅਰਪੋਰਟ ਰੋਡ ’ਤੇ ਲਾਇਆ ਧਰਨਾ ਸਮਾਪਤ ਕਰ ਦਿੱਤਾ। ਪਿਛਲੇ ਤਿੰਨ ਦਿਨਾਂ ਤੋਂ ਪਿੰਡ ਵਾਸੀ ਮ੍ਰਿਤਕ ਦਮਨਪ੍ਰੀਤ ਸਿੰਘ ਦੀ ਲਾਸ਼ ਸੜਕ ’ਤੇ ਰੱਖ ਕੇ ਧਰਨਾ ਦੇ ਰਹੇ ਸਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਰੇ ਪਤਾ ਲੱਗਣ ’ਤੇ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਅਤੇ ਹੋਰਨਾਂ ਨੇ ਧਰਨਾ ਖ਼ਤਮ ਕਰ ਕੇ ਦਮਨਪ੍ਰੀਤ ਦਾ ਘਟਨਾ ਦੇ ਤੀਜੇ ਦਿਨ ਸਸਕਾਰ ਕਰ ਦਿੱਤਾ ਹੈ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਰੂਪਨਗਰ ਰੇਂਜ ਦੀ ਡੀਆਈਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਤਿਲਕ ਨਗਰ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਾਰਦਾਤ ਤੋਂ ਬਾਅਦ ਇਹ ਸਾਰੇ ਆਪਣੇ ਪਰਿਵਾਰਾਂ ਸਮੇਤ ਫ਼ਰਾਰ ਹੋ ਗਏ ਸਨ। ਡੀਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ।
ਇਸ ਦੌਰਾਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਗੌਰਵ ਵਿਰੁੱਧ ਬਾਕੀ ਮੁਲਜ਼ਮਾਂ ਦੀ ਭੱਜਣ ਵਿੱਚ ਮਦਦ ਕਰਨ ਦੀ ਧਾਰਾ ਦਾ ਵਾਧਾ ਕੀਤਾ ਗਿਆ ਹੈ।
ਦਿਲਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ
ਦਿਲਪ੍ਰੀਤ ਸਿੰਘ (16) ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ, ਜੋ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਹੈ। ਅੱਜ ਪਿੰਡ ਦੇ ਮੋਹਤਬਰ ਦਿਲਪ੍ਰੀਤ ਸਿੰਘ ਦੀ ਖਬਰਸਾਰ ਲੈਣ ਲਈ ਨਿੱਜੀ ਹਸਪਤਾਲ ਗਏ ਸਨ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਮੋੜ ਦਿੱਤਾ ਕਿ ਉਸ ਦਾ ਇਲਾਜ ਚੱਲ ਰਿਹਾ ਹੈ।