ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਦੇ ਰਾਹ ’ਚ ਪੰਜਾਬ ਦੀ ‘ਆਪ’ ਸਰਕਾਰ ਅੜਿੱਕਾ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਕੀਲ ਨੇ ਬਹਾਨਾ ਬਣਾਇਆ ਹੈ ਕਿ ਛੁੱਟੀਆਂ ਹੋਣ ਕਾਰਨ ਉਹ ਸਮੇਂ ਸਿਰ ਆਪਣਾ ਜਵਾਬ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਸ ਦਾ ਇਸ ਅਤਿ- ਸੰਵੇਦਨਸ਼ੀਲ ਮਾਮਲੇ ’ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ‘ਆਪ’ ਦੀ ਦਿੱਲੀ ਵਿਚਲੀ ਸਰਕਾਰ ਨੇ ਬੰਦੀ ਸਿੰਘ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ’ਤੇ ਸੱਤ ਵਾਰ ਵਿਚਾਰ ਕੀਤਾ, ਪਰ ਅਖੀਰ ’ਚ ਇਸ ਨੂੰ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਪੀਲ ਉਦੋਂ ਠੁਕਰਾਈ ਗਈ ਜਦੋਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਵਾਅਦਾ ਕੀਤਾ ਸੀ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕੀਤਾ ਜਾਵੇਗਾ ਅਤੇ ਉਨ੍ਹਾਂ ਇਸ ਲਈ ਸਿਫਾਰਸ਼ ਕਰ ਦਿੱਤੀ ਹੈ। ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਰਾਜੋਆਣਾ ਦੀ ਰਿਹਾਈ ਵਾਸਤੇ ਇਤਰਾਜ਼ਹੀਣ ਸਰਟੀਫਿਕੇਟ (ਐੱਨਓਸੀ) ਤੁਰੰਤ ਜਾਰੀ ਕੀਤਾ ਜਾਵੇ ਅਤੇ ਭਲਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਵੀ ਇਹ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ ਪੈਰੋਲ ਤੁਰੰਤ ਮਿਲਣੀ ਚਾਹੀਦੀ ਹੈ।