ਕਰਤਾਰਪੁਰ: ਹਲਕੇ ਦੇ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਸ਼ਹਿਰ ਦੇ ਤਿੰਨ ਵਾਰਡਾਂ ਦੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਸੁਰਿੰਦਰ ਪਾਲ ਧੋਗੜੀ ਨੇ ਇਲਾਕੇ ਵਿੱਚ ਨਸ਼ਾ ਖਤਮ ਕਰਕੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਚੰਗੀ ਵਿਚਾਰਧਾਰਾ ਨਾਲ ਜੋੜਨ ਲਈ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਵਿੱਚੋਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਕੇ ਨਸ਼ਿਆਂ ਤੋਂ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਸਕੂਲੀ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੁਕਵੇ ਰੂਪ ਵਿੱਚ ਨਾਕੇ ਲਗਾਵੇਗੀ। ਇਸ ਮੌਕੇ ਥਾਣਾ ਕਰਤਾਰਪੁਰ ਦੇ ਮੁਖੀ ਰਮਨਦੀਪ ਸਿੰਘ ਸਹਾਇਕ ਸਬ ਇੰਸਪੈਕਟਰ ਹਰਦੀਪ ਸਿੰਘ ਅਤੇ ਡੀਐਸਪੀ ਟਰੈਫਿਕ ਮਨਦੀਪ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ