ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਨਵੰਬਰ
ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਪਾਠ ਦੇ ਭੋਗ ਉਪਰੰਤ ਨਰਸਰੀ ਤੋਂ ਲੈ ਕੇ ਦਸਵੀਂ ਤਕ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਅਧਿਆਪਕਾ ਪ੍ਰਗਤੀ ਨੇ ਸ਼ਬਦ ਬਾਣੀ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਗੁਰੂ ਨਾਨਕ ਦੇਵ ਦਾ ਫਲਸਫਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਉਪਦੇਸ਼ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜੀ ਇਕ ਫਿਰਕੇ ਦੇ ਨਹੀਂ ਸਮੁੱਚੀ ਲੋਕਾਈ ਦੇ ਰਹਿਬਰ ਸਨ। ਸਾਨੂੰ ਉਨ੍ਹਾਂ ਦੇ ਵਲੋਂ ਦਰਸਾਏ ਰਾਹ ’ਤੇ ਚੱਲਣਾ ਚਾਹੀਦਾ ਹੈ। ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਗੁਰੂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੁਲ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਮੈਂਬਰਾ ਸੁੱਚਾ ਸਿੰਘ, ਸੁਖਦੇਵ ਸਿੰਘ, ਸਤਵਿੰਦਰ ਸਿੰਘ, ਪਰਮਿੰਦਰ ਸਿੰਘ ਆਦਿ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਅਨਿਲ ਗੁਪਤਾ, ਕੁਲਵੰਤ ਸਿੰਘ ਚਾਵਲਾ, ਬਲਦੇਵ ਰਾਜ ਸੇਠੀ, ਵਿੱਕੀ ਸੇਠੀ, ਸੀਵੀ ਗੁਪਤਾ, ਹਰਵਿੰਦਰ ਕੌਰ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।