ਰੀਓ ਡੀ ਜਨੇਰੀਓ, 18 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਹੋ ਰਹੇ 19ਵੇਂ ਜੀ-20 ਸਿਖਰ ਸੰਮੇਲਨ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ਵੀ ਪਾ ਕੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਾਰੇਜ਼ ਨਾਲ ਵੀ ਮੁਲਾਕਾਤ ਕੀਤੀ ਤੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨਾਲ ਵੀ ਗੱਲਬਾਤ ਕੀਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹਾਲ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਦੋਹਾਂ ਆਗੂਆਂ ਦੀ ਇਹ ਪਹਿਲੀ ਮੁਲਾਕਾਤ ਹੈ।
ਜ਼ਿਕਰਯੋਗ ਹੈ ਕਿ ਪੰਜ ਨਵੰਬਰ ਨੂੰ ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਹੋਈਆਂ ਚੋਣਾਂ ਵਿੱਚ 78 ਸਾਲਾ ਡੋਨਲਡ ਟਰੰਪ ਨੇ ਸ਼ਾਨਦਾਰ ਵਾਪਸੀ ਕੀਤੀ। ਉਨ੍ਹਾਂ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ। ਟਰੰਪ ਵੱਲੋਂ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿੱਚ ਸਥਿਤ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਜਾਣਾ ਹੈ। ਮੋਦੀ ਵੱਲੋਂ ਨਾਇਜੀਰੀਆ ਦਾ ਆਪਣਾ ਦੋ ਦਿਨਾ ਦੌਰਾ ਖ਼ਤਮ ਕਰਨ ਤੋਂ ਬਾਅਦ ਬ੍ਰਾਜ਼ੀਲ ਦਾ ਦੌਰਾ ਆਰੰਭ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਮੋਦੀ ਵੱਲੋਂ ਜੀ 20 ਸਿਖਰ ਸੰਮੇਲਨ ਵਿਚ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। -ਪੀਟੀਆਈ