ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਨਵੰਬਰ
ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦੀ ਘਾਟ ਸਬੰਧੀ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਡੀਸੀ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਹੋਰ ਨਿਗਮ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ। ਉਨ੍ਹਾਂ ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਢਿੱਲੇ ਕੰਮ ’ਤੇ ਨਾਖੁਸ਼ੀ ਪ੍ਰਗਟ ਕਰਦਿਆਂ ਕੰਪਨੀ ਅਧਿਕਾਰੀਆਂ ਨੂੰ ਲਾਪਰਵਾਹੀ ਦਾ ਇੱਕ ਦਿਨ ਵਿੱਚ ਜਵਾਬ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਅਵਰਧਾ ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਬਾਇਓਰੈਮੀਡੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਮਸ਼ੀਨਰੀ ਲਾਈ ਜਾਵੇ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਨੂੰ ਹੋਰ ਮਸ਼ੀਨਾਂ ਅਤੇ ਸ਼ਹਿਰ ਦੀ ਸਾਫ਼ ਸਫ਼ਾਈ ਲਈ ਹੋਰ ਗੱਡੀਆਂ ਲੈਣ ਦੀ ਤਾਕੀਦ ਕੀਤੀ ਗਈ ਹੈ। ਕੰਪਨੀ ਨੂੰ ਇਹ ਵੀ ਕਿਹਾ ਗਿਆ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਥਾਂ ’ਤੇ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਰੋਜ਼ਾਨਾ ਸਾਫ਼ ਸਫ਼ਾਈ ਦੀ ਵਿਵਸਥਾ ਨੂੰ ਯਕੀਨੀ ਬਣਾਈ ਜਾਵੇ।ਇਸ ਮੌਕੇ ਨਗਰ ਨਿਗਮ ਦੇ ਡਾ. ਕਿਰਨ ਕੁਮਾਰ, ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।