ਖੇਤਰੀ ਪ੍ਰਤੀਨਿਧ
ਪਟਿਆਲਾ, 19 ਨਵੰਬਰ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਕੌਮ ਨੂੰ ਭੰਬਲਭੂਸੇ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਚੋਣਾਂ 13 ਸਾਲ ਤੋਂ ਪੈਂਡਿੰਗ ਹਨ। ਅੱਜ ਇਥੇ ਰੱਖੜਾ ਪਰਿਵਾਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਹੋਰ ਕਿਹਾ ਕਿ ਇਹ ਚੋਣ 5 ਸਾਲ ਬਾਅਦ ਹੋਣੀਆਂ ਬਣਦੀਆਂ ਹਨ ਪਰ ਹੁਣ 13 ਸਾਲਾਂ ਤੋਂ ਨਹੀਂ ਹੋਈਆਂ। ਉਨ੍ਹਾਂ ਇਹ ਵੀ ਕਿਹਾ ਕਿ ਐੱਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ ਹੋਣਾ ਚਾਹੀਦਾ ਹੈ ਪਰ ਇਹ ਕੇਂਦਰ ਸਰਕਾਰ ਨੇ ਆਪਣੇ ਕੋਲ ਰੱਖਿਆ ਹੋਇਆ ਹੈ।