ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 19 ਨਵੰਬਰ
ਥਾਣਾ ਮੁਖੀ ਮਨਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਇੱਕ ਕਿਲੋ ਦਸ ਗ੍ਰਾਮ ਅਫੀਮ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਖਰੀਨਾਕੇ ਜ਼ਿਲ੍ਹਾ ਤਰਨ ਤਾਰਨ ਅਤੇ ਹਰਨੂਰ ਉਰਫ ਪਵਨ ਵਾਸੀ ਫ਼ਤਹਿਪੁਰ ਚੂੜੀਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਕਾਲਜ ਰੋਡ ’ਤੇ ਬੀਤੀ ਰਾਤ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਕਾਰ ਦੀ ਤਲਾਸ਼ੀ ਲਈ ਤਾਂ ਸਵਾਰਾਂ ਪਾਸੋਂ ਇੱਕ ਕਿਲੋ ਦਸ ਗ੍ਰਾਮ ਅਫੀਮ ਬਰਾਮਦ ਹੋਈ। ਪੁਲੀਸ ਨੇ ਉਨ੍ਹਾਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਰੋਜ਼ਾ ਪੁਲੀਸ ਰਿਮਾਂਡ ਲਿਆ ਹੈ।