ਨਵੀਂ ਦਿੱਲੀ, 20 ਨਵੰਬਰ
ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਅੱਜ ਦੱਸਿਆ ਕਿ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਆਗੂ ਸਤੇਂਦਰ ਜੈਨ ਖਿਲਾਫ ਕਥਿਤ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਦੀ ਮਨਜ਼ੂਰੀ ਦੇਣ ਵਾਲੀ ਇੱਕ ਫਾਈਲ ਮੁੱਖ ਸਕੱਤਰ ਅਤੇ ਉਪ ਰਾਜਪਾਲ ਦੇ ਦਫ਼ਤਰਾਂ ਨੂੰ ਭੇਜ ਦਿੱਤੀ ਗਈ ਹੈ। ਸੀਬੀਆਈ ਨੇ ਇਸ ਸਬੰਧੀ ਵਿਸ਼ੇਸ਼ ਜੱਜ ਜਤਿੰਦਰ ਸਿੰਘ ਕੋਲ ਦਸਤਾਵੇਜ਼ ਪੇਸ਼ ਕੀਤੇ ਜਿਨ੍ਹਾਂ ਨੇ ਸੀਬੀਆਈ ਦੇ ਡੀਆਈਜੀ ਤੋਂ ਇਸ ਮਾਮਲੇ ਵਿੱਚ ਰਿਪੋਰਟ ਮੰਗੀ ਸੀ। ਐਸਪੀ ਸੁਮਨ ਕੁਮਾਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨੇ ਮਨਜ਼ੂਰੀ ਦੇਣ ਬਾਰੇ ਫਾਈਲ ਨੂੰ ਮੁੱਖ ਸਕੱਤਰ ਦੇ ਦਫ਼ਤਰ ਅਤੇ ਉਸ ਤੋਂ ਬਾਅਦ ਐਲਜੀ ਦੇ ਦਫ਼ਤਰ ਨੂੰ ਭੇਜ ਦਿੱਤਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਸੀਬੀਆਈ ਵੱਲੋਂ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਮਨਜ਼ੂਰੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਹੋ ਸਕੇ।