ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਨਵੰਬਰ
ਮੁਹਾਲੀ ਦੇ ਡੀਸੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਮੀਖਿਆ ਮੀਟਿੰਗ ਕੀਤੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬੇ ਸਮੇਂ ਤੋਂ ਪਈਆਂ ਮੁਸ਼ਕਲਾਂ ਦਾ ਸਮਾਂਬੱਧ ਨਿਬੇੜਾ ਕੀਤਾ ਜਾਵੇ। ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਲੀਡ ਬੈਂਕ ਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡੀਸੀ ਨੇ ਸਤੰਬਰ ਮਹੀਨੇ ਦੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਵੱਲੋਂ ਦੱਸੀਆਂ ਮੰਗਾਂ ’ਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਲਈ। ਡੀਸੀ ਜੈਨ ਨੇ ਸਪੱਸ਼ਟ ਕੀਤਾ ਕਿ ਮੁਹਾਲੀ ਤੇਜ਼ੀ ਨਾਲ ਸਨਅਤੀ ਨਿਵੇਸ਼ ਦਾ ਕੇਂਦਰ ਬਣਦਾ ਜਾ ਰਿਹਾ ਹੈ, ਇਸ ਲਈ ਜਿੱਥੇ ਮੌਜੂਦਾ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ, ਉੱਥੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਰਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਮੀਟਿੰਗ ਵਿੱਚ ਹਾਜ਼ਰ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਬਾਰੇ ਕਾਰਵਾਈ ਰਿਪੋਰਟ ਪੇਸ਼ ਕੀਤੀ।
ਡੀਸੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ, ਫੰਕਸ਼ਨਲ ਮੈਨੇਜਰ ਕੰਵਰਪ੍ਰੀਤ ਕੌਰ ਨੂੰ ਉਨ੍ਹਾਂ ਨਾਲ ਸਬੰਧਤ ਮੁਸ਼ਕਲਾਂ ਨੂੰ ਤੈਅ ਸਮੇਂ ਵਿੱਚ ਹੱਲ ਕਰਨ ਦੇ ਆਦੇਸ਼ ਦਿੱਤੇ।