ਪੱਤਰ ਪ੍ਰੇਰਕ
ਮਾਨਸਾ, 20 ਨਵੰਬਰ
ਮਾਨਸਾ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦੇ ਪ੍ਰਬੰਧ ਲਈ ਨਗਰ ਕੌਂਸਲ ਮਾਨਸਾ ਵੱਲੋਂ ਵੱਖ-ਵੱਖ ਟੈਂਡਰ ਲਾ ਕੇ ਦੋ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਨ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਵਿਜੈ ਸਿੰਗਲਾ ਨੇ ਕੀਤਾ। ਵਿਧਾਇਕ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਵਚਨਬੱਧ ਹੈ ਅਤੇ ਕੀਤੇ ਵਾਅਦੇ ਮੁਤਾਬਕ ਅੱਜ ਸ਼ਹਿਰ ਦੇ ਸਾਲਾਂ ਤੋਂ ਬੰਦ ਪਏ ਸੀਵਰੇਜ ਨੂੰ ਖੋਲ੍ਹਣ ਅਤੇ ਸਾਫ਼-ਸਫ਼ਾਈ ਕਰਨ ਲਈ ਦੋ ਸੁਪਰ ਸਕਸ਼ਨ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਵਰੇਜ ਦੇ ਪਾਣੀ ਦੀ ਪੱਕੇ ਤੌਰ ’ਤੇ ਨਿਕਾਸੀ ਦੇ ਹੱਲ ਲਈ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਸੁਨੀਲ ਕੁਮਾਰ ਨੀਨੂ, ਕੌਂਸਲਰ ਵਿਸ਼ਾਲ ਜੈਨ ਗੋਲਡੀ, ਮੀਤ ਪ੍ਰਧਾਨ ਰਾਮਪਾਲ ਸਿੰਘ, ਐਡਵੋਕੇਟ ਅਮਨ ਕੁਮਾਰ ਮਿੱਤਲ ਤੇ ਹੋਰ ਹਾਜ਼ਰ ਸਨ। ਮਾਨਸਾ ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੌਂਸਲਰਾਂ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸੇਵਾ ਸਿੰਘ ਠੀਕਰੀਵਾਲਾ ਚੌਕ ਮਾਨਸਾ ਵਿੱਚ ਚੱਲ ਰਿਹਾ ਧਰਨਾ ਅੱਜ 24ਵੇਂ ਦਿਨ ਵੀ ਜਾਰੀ ਰਿਹਾ।