ਪੱਤਰ ਪ੍ਰੇਰਕ
ਸ਼ਾਹਕੋਟ, 20 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਆਗੂਆਂ ਨਾਲ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ 21 ਨਵੰਬਰ ਨੂੰ ਕੀਤੇ ਜਾਣ ਵਾਲੇ ਐੱਸਡੀਐੱਮ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿਤਾ ਗਿਆ। ਕਿਸਾਨ ਆਗੂ ਗੁਰਚਰਨ ਸਿੰਘ ਚਾਹਲ, ਜਸਪਾਲ ਸਿੰਘ ਸੰਢਾਂਵਾਲ, ਬਲਕਾਰ ਸਿੰਘ ਫਾਜਿਲਵਾਲ, ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ ਰੇੜ੍ਹਵਾਂ, ਨਿਰਮਲ ਸਿੰਘ ਢੰਡੋਵਾਲ, ਰਣਜੀਤ ਸਿੰਘ ਅਲ੍ਹੀਵਾਲ ਅਤੇ ਰਣਚੇਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੀਟਿੰਗ ਵਿਚ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਵੱਲੋਂ ਝੋਨੇ ’ਤੇ ਲਗਾਏ ਜਾ ਰਹੇ ਕੱਟ ਦੇ ਮੁੱਦੇ ਨੂੰ ਉਠਾਇਆ। ਆਗੂਆਂ ਨੇ ਦੱਸਿਆ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਉਨ੍ਹਾਂ ਨੇ 21 ਨਵੰਬਰ ਨੂੰ ਐੱਸਡੀਐੱਮ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਮੀਟਿੰਗ ਵਿੱਚ ਡੀਐੱਫਐੱਸਈ ਨਰਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਤਜਿੰਦਰ ਕੁਮਾਰ, ਡੀਐੱਸਪੀ ਉਕਾਂਰ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਅਗਰਵਾਲ, ਰਾਈਸ ਮਿੱਲਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਨੀ ਮਿੱਤਲ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।