ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਜੂਨ
ਬਿਜਲੀ ਕਾਮਿਆਂ ਨੇ ਬਿਜਲੀ ਮੰਤਰੀ ਅਤੇ ਆਪਣੇ ਵਿਭਾਗ ਦੇ ਪ੍ਰਬੰਧਕਾਂ ‘ਤੇ ਪਹਿਲਾਂ ਤੋਂ ਤੈਅ ਮੀਟਿੰਗ ਨੂੰ ਮੁਲਤਵੀ ਕਰਨ ਦਾ ਦੋਸ਼ ਲਾਉਂਦਿਆਂ ਅੱਜ ਇਥੇ ਥਰਮਲ ਪਲਾਂਟ ਦੇ ਗੇਟ ਅੱਗੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ। ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਕੰਟਰੈਕਚੂਅਲ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਜੁੜੇ ਆਊਟਸੋਰਸਡ ਮੁਲਾਜ਼ਮਾਂ ਨੇ ਇਹ ਪ੍ਰਦਰਸ਼ਨ ਕੀਤਾ। ਇਸ ਮੌਕੇ ਕਰਮਚਾਰੀ ਆਗੂ ਗੁਰਵਿੰਦਰ ਪੰਨੂ, ਖੁਸ਼ਦੀਪ ਸਿੰਘ, ਕਰਮਜੀਤ ਸਿੰਘ ਅਤੇ ਇਕਬਾਲ ਸਿੰਘ ਕਿਹਾ ਕਿ ਆਊਟਸੋਰਸਿਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਰਮਚਾਰੀਆਂ ਦੀ ਕੋਆਰਡੀਨੇਸ਼ਨ ਕਮੇਟੀ ਨੇ 13 ਜੂਨ ਨੂੰ ਪਰਿਵਾਰਾਂ ਸਮੇਤ ਮੁੱਖ ਦਫ਼ਤਰ ਪਟਿਆਲਾ ਵਿੱਚ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਸ ਵਕਤ ਬਿਜਲੀ ਅਧਿਕਾਰੀਆਂ ਵੱਲੋਂ 26 ਜੂਨ ਨੂੰ ਬਿਜਲੀ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਨੀਆਂ ਮੰਗਾਂ ਲਾਗੂ ਅਤੇ ਭਖਦੀਆਂ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨ ਨਾ ਤਾਂ ਮੰਗਾਂ ਦਾ ਨਿਪਟਾਰਾ ਅਤੇ ਨਾ ਹੀ ਕੋਈ ਮੀਟਿੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇ ਪ੍ਰਵਾਨ ਕੀਤੀਆਂ ਮੰਗਾਂ, ਪੈਟਰੌਲ ਭੱਤਾ, ਬਕਾਇਆ ਏਰੀਅਲ, ਪੋਸਟਾਂ ‘ਚ ਵਾਧੇ ਸਮੇਤ ਬਾਕੀ ਮੰਗਾਂ ਦਾ ਛੇਤੀ ਹੱਲ ਨਾ ਕੱਢਿਆ ਗਿਆ ਤਾਂ 3 ਤੋਂ 5 ਜੁਲਾਈ ਤੱਕ ਸਬ ਡਵੀਜ਼ਨਾਂ ਵਿੱਚ 10 ਤੋਂ 2 ਵਜੇ ਤੱਕ ‘ਟੂਲ ਡਾਊਨ’ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਬਾਰੇ ਜ਼ੋਨ ਬਠਿੰਡਾ ਦੇ ਚੀਫ਼ ਇੰਜਨੀਅਰ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਵਾ ਦਿੱਤਾ ਗਿਆ ਹੈ।