ਪਾਲ ਸਿੰਘ ਨੌਲੀ
ਜਲੰਧਰ, 4 ਸਤੰਬਰ
ਸੂਬੇ ਦੀਆਂ 11 ਕਿਸਾਨ ਜਥੇਬੰਦੀਆਂ ਨੇ ਖੇਤੀ ਸੁਧਾਰਾਂ ਦੀ ਆੜ ਹੇਠ ਲਿਆਂਦੇ ਤਿੰਨ ਆਰਡੀਨੈਂਸਾਂ ਦਾ ਤਿੱਖਾ ਵਿਰੋਧ ਕਰਦਿਆਂ ਐਲਾਨ ਕੀਤਾ ਕਿ ਪਾਰਲੀਮੈਂਟ ਵਿਚ ਜਿਸ ਦਿਨ ਇਸ ਬਾਰੇ ਬਿੱਲ ਲਿਆਂਦਾ ਜਾਵੇਗਾ, ਉਸ ਤੋਂ ਇਕ ਦਿਨ ਪਹਿਲਾਂ ਸਮੁੱਚਾ ਪੰਜਾਬ ਜਾਮ ਕਰ ਦਿੱਤਾ ਜਾਵੇਗਾ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਪੰਜਾਬ ਦਾ ਜਿਹੜਾ ਵੀ ਪਾਰਲੀਮੈਂਟ ਮੈਂਬਰ ਇਸ ਬਿੱਲ ਦੇ ਹੱਕ ਵਿਚ ਵੋਟ ਪਾਵੇਗਾ ਉਸ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਜਥੇਬੰਦੀਆਂ ਦੀ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲੇ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਇਸ ਬਿੱਲ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਪਾਰਲੀਮੈਂਟ ਵਿਚ ਬਿੱਲ ਲਿਆਉਣ ਤੋਂ ਇਕ ਦਿਨ ਪਹਿਲਾਂ ਜਿੱਥੇ ਪੰਜਾਬ ਨੂੰ ਜਾਮ ਕੀਤਾ ਜਾਵੇਗਾ, ਉੱਥੇ ਬਿੱਲ ਪੇਸ਼ ਹੋਣ ਵਾਲੇ ਦਿਨ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਪਾਰਲੀਮੈਂਟ ਅੱਗੇ ਰੋਸ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਬਿੱਲ ਪਾਸ ਹੋਣ ਨਾਲ ਸਰਕਾਰ ਫ਼ਸਲਾਂ ਦੀ ਖ਼ਰੀਦ ਵਿੱਚੋਂ ਬਾਹਰ ਨਿਕਲ ਜਾਵੇਗੀ ਤੇ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਦਾ ਸ਼ੋਸ਼ਣ ਕਰਨਗੀਆਂ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਲਾਭ ਦੇਣ ਦੇ ਹੱਕ ਵਿਚ ਨਹੀਂ ਹੈ ਸਗੋਂ ਵਿਦੇਸ਼ਾਂ ਤੋਂ 90 ਹਜ਼ਾਰ ਕਰੋੜ ਦੀਆਂ ਦਾਲਾਂ ਤੇ ਖਾਣ ਵਾਲਾ ਤੇਲ ਮੰਗਵਾਇਆ ਜਾਂਦਾ ਹੈ। ਜੇ ਇਹੋ ਹੀ ਵਸਤਾਂ ਦਾ ਮੁੱਲ ਦੇਸ਼ ਦੇ ਕਿਸਾਨਾਂ ਨੂੰ ਮਿਲ ਜਾਵੇ ਤਾਂ ਕਿਸਾਨ ਵੀ ਆਤਮ ਨਿਰਭਰ ਹੋ ਸਕਦੇ ਹਨ।
ਇਸ ਮੌਕੇ ਬੀਕੇਯੂ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਮਾਝਾ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੂਸਾਪੁਰ, ਤਰਸੇਮ ਸਿੰਘ ਉੱਚਾ, ਬਲਦੇਵ ਸਿੰਘ ਸਿਰਸਾ, ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਪੰਜਾਬ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ ਆਦਿ ਹਾਜ਼ਰ ਸਨ।