ਹਰਪ੍ਰੀਤ ਕੌਰ
ਹੁਸ਼ਿਆਰਪੁਰ, 19 ਮਾਰਚ
ਹੁਸ਼ਿਆਰਪੁਰ ’ਚ ਅੱਜ 356 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਜਦੋਂ ਕਿ 10 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 11228 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 439 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1571 ਕੇਸ ਐਕਟਿਵ ਹਨ ਅਤੇ 9877 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ।
ਜਲੰਧਰ (ਪਾਲ ਸਿੰਘ ਨੌਲੀ): ਕਰੋਨਾਵਾਇਰਸ ਦੀ ਲਾਗ ਰੁਕਣ ਦਾ ਨਾਂ ਨਹੀਂ ਲੈ ਰਹੀ। ਸਿਹਤ ਵਿਭਾਗ ਦੀਆਂ ਆਈਆਂ ਰਿਪੋਰਟਾਂ ਅਨੁਸਾਰ ਅੱਜ ਕਰੋਨਾ ਨਾਲ 7 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 288 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿੱਚੋਂ 44 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 798 ਹੋ ਗਿਆ ਹੈ ਜਦਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ 25,200 ਤੱਕ ਜਾ ਪੱੁਜੀ ਹੈ। ਕਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਦਫ਼ਤਰਾਂ ’ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣਾ ਬੰਦ ਕਰ ਦਿੱਤਾ ਹੈ। ਲੋਕਾਂ ਦੇ ਕੰਮ ਆਨਲਾਈਨ ਕੀਤੇ ਜਾਣਗੇ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਜ਼ਿਲ੍ਹੇ ’ਚ ਅੱਜ ਕਰੋਨਾ ਦੇ ਨਵੇਂ 181 ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਅੱਜ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਦੇ ਨਵੇਂ 181 ਪਾਜੀਟਿਵ ਕੇਸ ਆਏ ਹਨ, ਜਿਸ ਨਾਲ ਕਰੋਨਾ ਦੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 1361 ਹੋ ਗਈ ਹੈ। ਇਸ ਦੌਰਾਨ 77 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ।