ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 25 ਅਕਤੂਬਰ
ਕੈਬਨਿਟ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਅੱਜ ਇਥੇ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਸਰੇ ਪੜਾਅ ਵਿੱਚ 125 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਸਥਾਨਕ ਮਾਲ ਰੋਡ ਸਕੂਲ ਵਿੱਚ ਕਰਵਾਏ ਸਮਾਗਮ ਵਿਚ ਇੰਟਰਨੈਟ ਜ਼ਰੀਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ ਅਤੇ ਸਾਰੇ ਪੰਜਾਬ ਦੇ ਸ਼ਹਿਰੀ ਹਲਕਿਆਂ ਲਈ 11000 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਓਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਮਮਤਾ ਦੱਤਾ, ਚੇਅਰਮੈਨ ਦਿਨੇਸ਼ ਬੱਸੀ ਨੇ 125 ਕਰੋੜ ਰੁਪਏ ਨਾਲ ਹੋਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕਾਰਪੋਰੇਸ਼ਨ ਵਿਚ ਚਲ ਰਹੇ ਕੰਮਾਂ ਦੇ ਵਿਸਥਾਰਤ ਵੇਰਵੇ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਤੇ ਗਲੀਆਂ ਦੀ ਮੁੜ ਉਸਾਰੀ, 24 ਘੰਟੇ ਪਾਣੀ ਦੀ ਸਪਲਾਈ, ਸੀਵਰੇਜ ਦੀ ਸਹੂਲਤ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾਵੇਗਾ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਰਾਵੀ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ 2200 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ।
ਬਲਾਚੌਰ ’ਚ ਵਿਧਾਇਕ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਨਗਰ ਕੌਂਸਲ ਬਲਾਚੌਰ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵਰਚੂਅਲ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਸਬੰਧੀ ਨਗਰ ਕੌਂਸਲ ਬਲਾਚੌਰ ਵਿੱਚ 2 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਰਸਮੀ ਨੀਂਹ ਪੱਥਰ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਉੱਪ ਮੰਡਲ ਮੈਜਿਸਟਰੇਟ ਦੀਪਕ ਰੁਹੇਲਾ, ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਟਿੰਕੂ ਘਈ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ।