ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਸਤੰਬਰ
1897 ਵਿੱਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਤੋਂ ਆਰੰਭ ਹੋਏ ਇਸ ਮਾਰਚ ਦੀ ਸ਼ੁਰੂਆਤ ਵੇਲੇ ਅਰਦਾਸ ਕੀਤੀ ਗਈ। ਮਾਰਚ ਵਿੱਚ ਵਿਦਿਆਰਥੀਆਂ ਦੇ ਬੈਂਡ ਗਰੁੱਪ, ਐੱਨਸੀਸੀ ਦੇ ਵਿਦਿਆਰਥੀ ਅਤੇ ਗੱਤਕਾ ਜਥੇ ਸ਼ਾਮਲ ਹੋਏ।
ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨੌਜਵਾਨਾਂ ਲਈ ਰਾਹ-ਦਸੇਰਾ ਹੈ ਅਤੇ ਖਾਸਕਰ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਸਕੂਲ ਸਿਲੇਬਸ ਵਿੱਚ ਸਾਰਾਗੜ੍ਹੀ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਸਕੂਲਾਂ ਵਿੱਚ ਵੀ ਬੱਚਿਆਂ ਇਹ ਇਤਿਹਾਸ ਦੇ ਪੰਨੇ ਪੜ੍ਹਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਮਿਸਾਲ ਹੈ, ਜਿਸ ਨੇ ਸਿੱਖ ਕੌਮ ਦੇ ਅਕਸ ਨੂੰ ਦੁਨੀਆਂ ਵਿੱਚ ਹੋਰ ਉਭਾਰਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖਾਂ ਦਾ ਘੱਟ ਗਿਣਤੀ ਸਟੇਟਸ ਖੋਹਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਸਿੱਖ ਕੌਮ ਅਜਿਹੀਆਂ ਕੋਝੀਆਂ ਹਰਕਤਾਂ ਕਾਮਯਾਬ ਨਹੀਂ ਹੋਣ ਦੇਵੇਗੀ। ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੀਆਂ 10 ਵੱਡੀਆਂ ਜੰਗਾਂ ਵਿੱਚ ਸ਼ਾਮਲ ਹੈ, ਕਿਉਂਕਿ ਇਸ ਜੰਗ ਦੌਰਾਨ ਕੇਵਲ 21 ਸਿੱਖ ਫ਼ੌਜੀਆਂ ਨੇ 10 ਹਜ਼ਾਰ ਕਬਾਇਲੀਆਂ ਦਾ ਮੁਕਾਬਲਾ ਕੀਤਾ ਸੀ। ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਜੋਸਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ। ਸਾਰਾਗੜ੍ਹੀ ਮਾਰਚ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਿਰਕਤ ਕੀਤੀ ਜਦਕਿ ਗੁਰਦੁਆਰਾ ਸਾਰਾਗੜ੍ਹੀ ਵਿਖੇ ਸਮਾਗਮ ਦੌਰਾਨ ਸ਼ਖ਼ਸੀਅਤਾਂ ਮੌਜੂਦ ਰਹੀਆਂ। ਸਮਾਗਮ ਦੌਰਾਨ ਸਾਰਾਗੜ੍ਹੀ ਜੰਗ ਬਾਰੇ ਕਿਤਾਬਚਾ ਜਾਰੀ ਕੀਤਾ ਗਿਆ ਅਤੇ ਸ਼ਹੀਦ ਫ਼ੌਜੀਆਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਗਏ। ਮੰਚ ਸੰਚਾਲਨ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕੀਤਾ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਆਦਿ ਮੌਜੂਦ ਸਨ।