ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਇੱਥੇ ਸਦਰ ਥਾਣੇ ਅਧੀਨ ਆਉਂਦੇ ਸ਼ਿੰਗਾਰ ਨਗਰ ’ਚ ਲੰਘੀ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੇ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (50) ਵਜੋਂ ਹੋਈ ਹੈ। ਜ਼ਖ਼ਮੀ ਮਹਿਲਾ ਦੀ ਪਛਾਣ ਸੋਨੀਆ ਅਤੇ ਨੌਜਵਾਨ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਸੋਨੀਆ ਅਤੇ ਸ਼ਿਵਮ ਨੂੰ ਜਦੋਂ ਲੋਕ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਅਨਿਲ ਕੁਮਾਰ ਨੇ ਖੁਦ ਨੂੰ ਕਮਰੇ ਵਿੱਚ ਬੰਦ ਕਰ ਕੇ ਅੱਗ ਲਗਾ ਲਈ। ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਸੋਨੀਆ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਅਨਿਲ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਸੋਨੀਆ ਦੀ ਰਿਸ਼ਤੇਦਾਰ ਕੋਮਲ ਨੇ ਪੁਲੀਸ ਨੂੰ ਦੱਸਿਆ ਕਿ ਅਨਿਲ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਉਹ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਸ਼ਿੰਗਾਰ ਨਗਰ ਇਲਾਕੇ ’ਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਲੰਘੀ ਰਾਤ ਜਦੋਂ ਸਾਰੇ ਸੌਂ ਗਏ ਤਾਂ ਅਨਿਲ ਕੁਮਾਰ ਨੇ ਆਪਣੀ ਪਤਨੀ ’ਤੇ ਚਾਕੂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਜਦੋਂ ਸ਼ਿਵਮ ਨੇ ਆਪਣੀ ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਨਿਲ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਗੁਆਂਢੀਆਂ ਨੇ ਉਨ੍ਹਾਂ ਨੂੰ ਅਨਿਲ ਤੋਂ ਬਚਾਇਆ ਤੇ ਹਸਪਤਾਲ ਪਹੁੰਚਾਇਆ। ਐੱਸਐੱਚਓ ਨੇ ਦੱਸਿਆ ਕਿ ਅਨਿਲ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ।