ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਸਤੰਬਰ
ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਇਸ ਮੌਕੇ ਸ੍ਰੀ ਕੈਰੋਂ ਨੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਅਤੇ ਅਕਾਲ ਤਖ਼ਤ ਸਕੱਤਰੇਤ ਵਿੱਚ ਲਿਖ਼ਤੀ ਰੂਪ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਚਲੇ ਗਏ। ਪੱਟੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਵਿੱਚ ਚਾਰ ਵਾਰ ਵਿਧਾਇਕ ਰਹਿ ਚੁੱਕੇ ਸ੍ਰੀ ਕੈਰੋਂ ਨੇ ਸਾਲ 2007 ਤੋਂ 2017 ਦੌਰਾਨ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਆਬਕਾਰੀ ਅਤੇ ਕਰ, ਖੁਰਾਕ ਅਤੇ ਆਈਟੀ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਈ ਸੀ। ਬਾਦਲ ਪਰਿਵਾਰ ਨਾਲ ਨੇੜਤਾ ਹੋਣ ਦੇ ਬਾਵਜੂਦ, ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਮਈ ਮਹੀਨੇ ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ, ਜੋ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ’ਤੇ ਆਧਾਰਿਤ ਸੀ।