ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 2 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਲੋਕ-ਪੱਖੀ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਦੀ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨ, ਕਿਰਤ ਕਾਨੂੰਨਾਂ ਵਿਚਲੀਆਂ ਮਜ਼ਦੂਰ ਵਿਰੋਧੀ ਸੋਧਾਂ ਦੇ ਖ਼ਿਲਾਫ਼, ਝੂਠੇ ਕੇਸਾਂ ਵਿਚ ਗ੍ਰਿਫ਼ਤਾਰ ਕੀਤੇ ਬੁਧੀਜੀਵੀਆਂ ਤੇ ਉੱਤਰ ਪ੍ਰਦੇਸ਼ ਦੀਆਂ ਵਹਿਸ਼ੀ ਘਟਨਾਵਾਂ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਤਰਕਸ਼ੀਲਾਂ, ਵਿਦਿਆਰਥੀਆਂ, ਅਧਿਆਪਕਾਂ, ਲੇਖਕਾਂ ਅਤੇ ਸਮਾਜਿਕ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਦੇਸ਼ ਭਗਤ ਯਾਦਗਾਰੀ ਕਮੇਟੀ ਦੇ ਸਕੱਤਰ ਡਾ. ਪਰਮਿੰਦਰ ਸਿੰਘ, ਚਿੰਤਕ ਡਾ. ਸ਼ਿਆਮ ਸੁੰਦਰ ਦੀਪਤੀ, ਤਰਕਸ਼ੀਲ ਆਗੂ ਸੁਮੀਤ ਸਿੰਘ, ਜਮਹੂਰੀ ਕਿਸਾਨ ਆਗੂ ਬਲਵਿੰਦਰ ਦੁਧਾਲਾ, ਅਧਿਕਾਰ ਸਭਾ ਦੇ ਯਸ਼ਪਾਲ ਝਬਾਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਯੂਨੀਅਨ ਲਲਕਾਰ ਦੀ ਰਵਿੰਦਰ, ਤਰਕਸ਼ੀਲ ਆਗੂ ਐਡਵੋਕੇਟ ਅਮਰਜੀਤ ਬਾਈ ਨੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਿਸ਼ਾਲ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ।
ਰਈਆ (ਦਵਿੰਦਰ ਸਿੰਘ ਭੰਗੂ): ਲੋਕ ਵਿਰੋਧੀ ਆਰਡੀਨੈਂਸ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦੂਜੇ ਦਿਨ ਵੀ ਬੁਟਾਰੀ ਰੇਲਵੇ ਸਟੇਸ਼ਨ ਤੇ ਕੇਂਦਰ ਸਰਕਾਰ ਵਿਰੁੱਧ ਧਰਨਾ ਜਾਰੀ ਰਿਹਾ ਅਤੇ ਅਣਮਿਥੇ ਸਮੇਂ ਦਾ ਰੇਲ ਰੋਕੂ ਸੰਘਰਸ਼ ਹੋਰ ਮਘਿਆ। ਇਸ ਧਰਨੇ ਵਿਚ ਅੰਮ੍ਰਿਤਸਰ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਫਿਲੌਰ (ਸਰਬਜੀਤ ਗਿੱਲ): ਸਥਾਨਕ ਰੇਲਵੇ ਸਟੇਸ਼ਨ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਲਾਏ ਧਰਨੇ ਦੇ ਦੂਜੇ ਦਿਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ। ਅੱਜ ਕਿਸਾਨ ਯੂਨੀਅਨਾਂ ਦੇ ਨਾਲ ਨਾਲ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸ਼ਾਮਲ ਸਨ। ਅੱਜ ਦੇ ਧਰਨੇ ’ਚ ਪਗੜੀ ਸੰਭਾਲ ਜੱਟਾਂ ਦੇ ਸਤਨਾਮ ਸਿੰਘ ਬਾਗੜੀ ਵਲੋਂ ਵਿਸ਼ੇਸ਼ ਹਾਜ਼ਰੀ ਲਵਾਈ ਗਈ। ਬੁਲਾਰਿਆਂ ਨੇ ਕਿਹਾ ਕਿ ਇਹ ਮਸਲਾ ਰੋਟੀ ਦਾ ਹੈ ਸਭ ਨੂੰ ਮਿਲ ਕੇ ਸੰਘਰਸ਼ ਦੀ ਹਮਾਇਤ ਕਰਨੀ ਚਾਹੀਦੀ ਹੈ।
ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਜ਼ਿਲ੍ਹਾ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਉੱਤੇ ਰੇਲਾਂ ਦਾ ਚੱਕਾ ਜਾਮ ਕਰਨ ਲਈ ਰੇਲ ਲਾਈਨ ’ਤੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ, ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ, ਬਲਬੀਰ ਸਿੰਘ ਰੰਧਾਵਾ, ਗੁਰਦੀਪ ਸਿੰਘ, ਸੁਖਦੇਵ ਸਿੰਘ ਭਾਗੋਕਾਵਾਂ ਆਦਿ ਨੇ ਕਿਹਾ ਕਿ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਕੇਂਦਰ ਸਰਕਾਰ ਨੇ ਨਾਂਹ ਕਰਦਿਆਂ ਕਿਸਾਨਾਂ ਦੇ ਹੱਕ ਵੀ ਖੋਹ ਲਏ ਹਨ।
ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਅਕਾਲੀ ਕੇਂਦਰ ਜਿੰਨੇ ਹੀ ਜ਼ਿੰਮੇਵਾਰ ਹਨ। ਊਨ੍ਹਾਂ ਸੂਬਾ ਸਰਕਾਰ ’ਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਊਨ੍ਹਾਂ ਨੇ ਕਿਰਤੀਆਂ ਨੂੰ ਸਿਆਸੀ ਪਾਰਟੀਆਂ ਦੇ ਪਖੰਡਾਂ ਤੋਂ ਚੌਕਸ ਰਹਿਣ ਲਈ ਕਿਹਾ ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਦਾ ਜਥਾ ਸਰਹੱਦੀ ਜ਼ੋਨ ਦੋਰਾਂਗਲਾਂ ਤੋਂ ਦੇਵੀਦਾਸਪੁਰ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਮੋਦੀ ਸਰਕਾਰ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਊਨ੍ਹਾਂ ਸਿਆਸੀ ਪਾਰਟੀਆਂ ’ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਦੋਗਲੀ ਨੀਤੀ ਅਪਨਾਊਣ ਦਾ ਦੋਸ਼ ਲਾਇਆ। ਇਸੇ ਤਰ੍ਹਾਂ ਉਸਾਰੀ ਮਿਸਤਰੀ ਯੂਨੀਅਨ ਦੀ ਅਗਵਾਈ ਹੇਠ ਪਿੰਡ ਈਸਾਪੁਰ ਵਿਚ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਭ ਨੂੰ ਇੱਕਜੁੱਟ ਹੋਣ ਦੀ ਲੋੜ ਹੈ।
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਅੱਜ ਇੱਥੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਖ਼ਿਲਾਫ਼ ਸੰਗਰਾਮ ਕਰਨ ਦਾ ਸੱਦਾ ਦਿੱਤਾ ਗਿਆ। ਪਿੰਡਾਂ ਪਦਰਾਨਾ, ਬੱਠਲਾਂ, ਹਾਜੀਪੁਰ ਵਿੱਚ ਭਰਵੇਂ ਇਕੱਠਾਂ ਵਿਚ ਆਗੂਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਖੇਤੀਬਾੜੀ ਵਿਰੋਧੀ ਤਿੰਨ ਕਾਨੂੰਨ ਪਾਸ ਕਰ ਦਿੱਤੇ ਹਨ। ਇਨ੍ਹਾਂ ਵਿਰੁੱਧ ਲਗਾਤਾਰ ਸੰਗਰਾਮ ਜਾਰੀ ਰੱਖਿਆ ਜਾਵੇਗਾ। ਇੱਕ ਮਤੇ ਰਾਹੀਂ ਉਨ੍ਹਾਂ ਕਾਲੇ ਕਾਨੂੰਨਾਂ ਦੀਆਂ ਹਮਾਇਤੀ ਸਿਆਸੀ ਪਾਰਟੀਆਂ ਤੇ ਵਿਅਕਤੀਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ।