ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੁਲਾਈ
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਕੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਸ੍ਰੀ ਜਾਖੜ ਨੂੰ ਕੱਲ੍ਹ ਭਾਜਪਾ ਹਾਈ ਕਮਾਂਡ ਵੱਲੋਂ ਪੰਜਾਬ ਭਾਜਪਾ ਦੀ ਕਮਾਂਡ ਸੌਂਪੀ ਗਈ ਸੀ। ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲੈਣ ਵਾਸਤੇ ਆਏ। ਇਸ ਮੌਕੇ ਕੋਈ ਸਿਆਸੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੱਜ ਉਹ ਗੁਰੂ ਘਰ ਆਸ਼ੀਰਵਾਦ ਲੈਣ ਆਏ ਹਨ ਤਾਂ ਜੋ ਉਹ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਅ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਨ੍ਹਾਂ ਵਿੱਚ ਗੁਜਰਾਤ ਤੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਸਿਰਸਾ, ਤਰੁਣ ਚੁੱਘ, ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪੰਜਾਬ ਦੇ ਹੋਰ ਭਾਜਪਾ ਆਗੂ ਸ਼ਾਮਲ ਸਨ। ਉਨ੍ਹਾਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ਨੂੰ ਨਮਨ ਕੀਤਾ ਅਤੇ ਦੁਰਗਿਆਨਾ ਮੰਦਰ ਵੀ ਮੱਥਾ ਟੇਕਿਆ।