ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਅਕਤੂਬਰ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ’ਚ ਅੱਜ ਸਾਲਾਨਾ ਕਾਨਵੋਕੇਸ਼ਨ ਵਿਚ 400 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਮਿਹਨਤ ਨਾਲ ਹਰ ਉਚ ਮੁਕਾਮ ਹਾਸਲ ਕਰ ਸਕਦੀਆਂ ਹਨ। ਉਨ੍ਹਾਂ ਮੱਧਵਰਗੀ ਤੇ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ ਸਵੈ‐ਰੁਜ਼ਗਾਰ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਲੜਕੀਆਂ ਦਾ ਸਫ਼ਲਤਾ ਹਾਸਲ ਕਰ ਰਹੀਆਂ ਹਨ। ਇਹ ਭਵਿੱਖ ’ਚ ਆਪਣੀ ਵੱਖਰੀ ਪਛਾਣ ਸਥਾਪਿਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਲੜਕੀ ਸਿੱਖਿਅਤ ਹੋਣ ਦੇ ਨਾਲ‐ਨਾਲ ਕਿੱਤਾਮੁਖੀ ਵੀ ਬਣੇ ਤਾਂ ਕਿ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਿਸੇ ਉੱਤੇ ਨਿਰਭਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਸ ’ਚ ਕੋਈ ਸ਼ੱਕ ਨਹੀਂ ਕਿ ਅੱਜ ਕੁੜੀਆਂ ਮੁੰਡਿਆਂ ਨਾਲੋਂ ਅਗਾਂਹ ਹਨ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਈ ਇਸ ਕਨਵੋਕੇਸ਼ਨ ’ਚ ਸ੍ਰੀ ਛੀਨਾ ਨੇ ਗਰੈਜੂਏਟ ਅਤੇ ਪੋਸਟ-ਗਰੈਜੂਏਟ ਦੀਆਂ 400 ਵਿਦਿਆਰਥਣਾਂ ਨੂੰ ਡਿਗਰੀਆਂ ਦਿੱਤੀਆਂ। ਪ੍ਰਿੰਸੀਪਲ ਨਾਨਕ ਸਿੰਘ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਸੰਤੋਖ ਸਿੰਘ ਸੇਠੀ, ਪ੍ਰਿੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਅੰਡਰ ਸੈਕਟਰੀ ਡੀਐਸ ਰਟੌਲ, ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ। ਇਸ ਮੌਕੇ ਵਿਦਿਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।