ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਅਗਸਤ
ਮਰਹੂਮ ਤਰਕਸ਼ੀਲ ਆਗੂ ਡਾ. ਨਰਿੰਦਰ ਦਾਭੋਲਕਰ ਦੀ ਬਰਸੀ ਦੇ ਸਬੰਧ ਵਿੱਚ ਮਨਾਏ ਜਾ ਰਹੇ ਸਮਾਜਿਕ ਚੇਤਨਾ ਯਾਦਗਾਰੀ ਹਫ਼ਤੇ ਤਹਿਤ ਤਰਕਸ਼ੀਲ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਵੱਲੋਂ ਸਥਾਨਕ ਬੱਸ ਅੱਡੇ ਉੱਤੇ ਲੋਕਾਂ ਨੂੰ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ ਅਤੇ ਪਾਖੰਡੀ ਬਾਬਿਆਂ ਦੇ ਖ਼ਿਲਾਫ਼ ਜਾਗਰੂਕ ਕਰਦੇ ਪੈਂਫ਼ਲਿਟ ਵੰਡੇ ਗਏ ਅਤੇ ਲੋਕਾਂ ਨੂੰ ਤਰਕਸ਼ੀਲ ਸੋਚ ਅਪਣਾਉਣ ਅਤੇ ਤਰਕਸ਼ੀਲ ਸੁਸਾਇਟੀ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ ਜਿਸ ਦਾ ਯਾਤਰੂਆਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਤਰਕਸ਼ੀਲ ਆਗੂਆਂ ਸੁਮੀਤ ਸਿੰਘ ਅਤੇ ਜਸਪਾਲ ਬਾਸਰਕੇ ਨੇ ਕਿਹਾ ਕਿ ਹਕੂਮਤੀ ਅਤੇ ਸਿਆਸੀ ਸਰਪ੍ਰਸਤੀ ਹੇਠ ਸਾਡੇ ਸਮਾਜ ਵਿਚ ਵਧ ਫੁੱਲ ਰਹੇ ਪਾਖੰਡੀ ਬਾਬਿਆਂ, ਸਾਧਾਂ, ਜੋਤਸ਼ੀਆਂ ਡੇਰਿਆਂ ਵੱਲੋਂ ਧਾਰਮਿਕ ਆਸਥਾ ਹੇਠ ਫੈਲਾਏ ਜਾ ਰਹੇ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਅਤੇ ਰੂੜ੍ਹੀਵਾਦੀ ਰਵਾਇਤਾਂ ਤੋਂ ਬਚਣ ਲਈ ਅਤੇ ਜ਼ਿੰਦਗੀ ਦੀਆਂ ਸਮੱਸਿਆਵਾਂ ਦਾ ਟਾਕਰਾ ਕਰਨ ਅਤੇ ਮੌਜੂਦਾ ਫ਼ਿਰਕੂ ਅਤੇ ਭ੍ਰਿਸ਼ਟ ਰਾਜ ਪ੍ਰਬੰਧ ਨੂੰ ਬਦਲਣ ਲਈ ਉਨ੍ਹਾਂ ਨੂੰ ਵਿਗਿਆਨਕ ਸੋਚ ਅਪਣਾਉਣ ਅਤੇ ਜਥੇਬੰਦਕ ਸੰਘਰਸ਼ ਕਰਨ ਦੀ ਬੇਹੱਦ ਲੋੜ ਹੈ।