ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਜਾਅਲੀ ਵੀਜ਼ੇ ’ਤੇ ਵਿਦੇਸ਼ ਜਾ ਰਹੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹਵਾਈ ਅੱਡੇ ’ਤੇ ਤਾਇਨਾਤ ਇਮੀਗ੍ਰੇਸ਼ਨ ਅਧਿਕਾਰੀ ਰੰਗੈਲ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਸ ਸਬੰਧ ਵਿੱਚ ਪ੍ਰਭਜੋਤ ਸਿੰਘ ਵਾਸੀ ਪਿੰਡ ਬੀੜ ਤਹਿਸੀਲ ਨਕੋਦਰ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਮੀਗਰੇਸ਼ਨ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਜਦੋਂ ਇਸ ਵਿਅਕਤੀ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਉਸ ਦਾ ਵੀਜ਼ਾ ਜਾਅਲੀ ਨਿਕਲਿਆ। ਉਹ ਇਸ ਵੀਜ਼ੇ ਦੇ ਆਧਾਰ ’ਤੇ ਜਰਮਨੀ ਜਾ ਰਿਹਾ ਸੀ।