ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਜੂਨ
ਰੂਰਲ ਫਾਰਮੇਸੀ ਅਫਸਰ ਐਸੋਸੀਏਸ਼ਨ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਨਿਰੰਤਰ ਚਲ ਰਹੇ ਰੋਸ ਵਿਖਾਵਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਨੇੜੇ ਰੋਸ ਵਿਖਾਵਾ ਕੀਤਾ ਗਿਆ ਅਤੇ ਮੈਡੀਕਲ ਸੇਵਾਵਾਂ ਦਾ ਬਾਈਕਾਟ ਕੀਤਾ ਗਿਆ। ਇਸ ਦੌਰਾਨ ਰੋਸ ਵਿਖਾਵੇ ਸਮੇਂ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਉਨ੍ਹਾਂ ਨੇ 25 ਜੂਨ ਤੋਂ ਪੰਚਾਇਤ ਮੰਤਰੀ ਦੇ ਘਰ ਦੇ ਬਾਹਰ ਪੱਕੇ ਧਰਨੇ ਦਾ ਐਲਾਨ ਕੀਤਾ।ਇਸ ਸਬੰਧੀ ਗੱਲ ਕਰਦਿਆਂ ਜਥੇਬੰਦੀ ਦੇ ਮੀਤ ਪ੍ਰਧਾਨ ਕਮਲਜੀਤ ਸਿੰਘ ਚੋਹਾਨ, ਧੀਰਜ ਕਾਲੀਆ ਤੇ ਹੋਰਨਾਂ ਨੇ ਨੇ ਪੱਕੇ ਨਾ ਕਰਨ ਪਿੱਛੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਜ਼ਿੰਮੇਵਾਰ ਦੱਸਦਿਆਂ ਨੈਤਿਕ ਆਧਾਰ ਤੇ ਅਸਤੀਫੇ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ। ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲੇਰ ਨੇ ਆਖਿਆ ਕਿ 25 ਜੂਨ ਤੋਂ ਪੰਚਾਇਤ ਮੰਤਰੀ ਦੀ ਰਿਹਾਇਸ਼ ’ਤੇ ਪੱਕਾ ਮੋਰਚਾ ਲਾਇਆ ਜਾਵੇਗਾ।ਧਰਨੇ ਵਿੱਚ ਨਵਜੋਤ ਕੌਰ, ਭਰਤ ਕੁਮਾਰ, ਜਗਜੀਤ ਸਿੰਘ, ਰਣਦੀਪ ਭਨੋਟ, ਸੁਖਜਿੰਦਰ ਕੌਰ, ਰੁਪਿੰਦਰ ਕੌਰ, ਜਗਰੂਪ ਕੌਰ ਤੇ ਹੋਰ ਵੀ ਹਾਜ਼ਰ ਸਨ।