ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ , 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪੋ-ਆਪਣਾ ਸਪੱਸ਼ਟੀਕਰਨ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ। ਦੋਹਾਂ ਆਗੂਆਂ ਨੇ ਆਖਿਆ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵੱਲੋਂ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਵੀ ਆਪਣਾ ਸਪੱਸ਼ਟੀਕਰਨ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪਿਆ ਹੈ। ਉਪਰੰਤ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਅਕਾਲੀ ਵਜ਼ਾਰਤ ਵੇਲੇ ਸਿਰਫ 16 ਦਿਨ ਮੰਤਰੀ ਰਹੇ ਸਨ। 2007 ਤੋਂ ਲੈ ਕੇ 2012 ਤੱਕ ਉਹ ਨਾ ਤਾਂ ਵਿਧਾਇਕ ਸਨ ਅਤੇ ਨਾ ਹੀ ਮੰਤਰੀ। 2012 ਵਿੱਚ ਉਹ 14 ਮਾਰਚ ਨੂੰ ਮੰਤਰੀ ਬਣੇ ਸਨ ਅਤੇ 30 ਮਾਰਚ ਨੂੰ ਅਸਤੀਫਾ ਦੇ ਦਿੱਤਾ ਸੀ। ਇਨ੍ਹਾਂ 16 ਦਿਨਾਂ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਨਾ ਤਾਂ ਕੋਈ ਵਿਵਾਦਤ ਫੈਸਲਾ ਲਿਆ ਸੀ ਅਤੇ ਨਾ ਹੀ ਕੋਈ ਫੈਸਲਾ ਵਿਚਾਰਿਆ ਗਿਆ ਸੀ।
ਅਕਾਲੀ ਸਰਕਾਰ ਵੇਲੇ ਵਿੱਤ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਵਿੱਚ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ।