ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਪਾੜਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਸਜ਼ਾਵਾਂ ਤੋਂ ਬਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਇਕ 9 ਸਾਲ ਦੇ ਪਰਵਾਸੀ ਬੱਚੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਨੂੰ ਪਾੜ ਕੇ ਬੇਅਦਬੀ ਕੀਤੀ ਹੈ, ਜੋ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾਵੇ ਅਤੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਨਸ਼ਰ ਕਰਕੇ ਉਨ੍ਹਾਂ ਵਿਰੁੱਧ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਅਮਰੀਕਾ ’ਚ ਪੰਜਾਬੀ ਪਰਿਵਾਰ ਦੀ ਹੱਤਿਆ ’ਤੇ ਕੇਂਦਰ ਤੋਂ ਦਖਲ ਮੰਗਿਆ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਪੰਜਾਬੀ ਪਰਿਵਾਰ ਨੂੰ ਅਗਵਾਹ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਹੁੰਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੂਟਨੀਤਕ ਪੱਧਰ ’ਤੇ ਪਹੁੰਚ ਅਪਨਾਈ ਜਾਵੇ ਅਤੇ ਤਾਜ਼ਾ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਯੋਗ ਕਦਮ ਚੁੱਕੇ ਜਾਣ।