ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰਾਜੈਕਟ ਦੇ ਖੋਜ ਕਾਰਜਾਂ ਤਹਿਤ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਿਰਤਾਂਤ ਬਾਰੇ ਤਿੰਨ ਪੁਸਤਕਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਪੁਸਤਕਾਂ ਜਾਰੀ ਕਰਨ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰਾਜੈਕਟ ਧਰਮ ਪ੍ਰਚਾਰ ਕਮੇਟੀ ਵੱਲੋਂ 2001 ਵਿਚ ਸਵਰਗੀ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਆਰੰਭ ਕੀਤਾ ਗਿਆ ਸੀ, ਜਿਸ ਦਾ ਮਕਸਦ ਸਿੱਖ ਇਤਿਹਾਸ ਦੇ ਮੁੱਢਲੇ ਸੋਮਿਆਂ ਨੂੰ ਗੁਰਮਤਿ ਦੀ ਰੋਸ਼ਨੀ ਵਿਚ ਸੰਪਾਦਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਸਰੋਤ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਵਰਨਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਅਹਿਮ ਘਟਨਾਵਾਂ ਦੇ ਅਨੁਵਾਦ ਤੋਂ ਆਮ ਪਾਠਕ ਅਤੇ ਖੋਜੀ ਵਿਦਵਾਨ ਲਾਹਾ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਇਸ ਖੋਜ ਕਾਰਜ ਲਈ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰਾਜੈਕਟ ਦੀ ਸਮੁੱਚੀ ਟੀਮ ਦੇ ਕੰਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਲਜੀਤ ਸਿੰਘ ਜਲਾਲਉਸਮਾ, ਨਵਤੇਜ ਸਿੰਘ ਕਾਉਣੀ ਸਮੇਤ ਹੋਰ ਮੈਂਬਰ ਤੇ ਅਧਿਕਾਰੀ ਹਾਜ਼ਰ ਸਨ।