ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਭਾਰਤ ਅਤੇ ਪਾਕਿਸਤਾਨ ਦੇ ਦੁਵੱਲੇ ਸਬੰਧਾਂ ਵਿੱਚ ਆਈ ਖੜੋਤ ਖ਼ਤਮ ਨਾ ਹੋਣ ਕਾਰਨ ਹਿੰਦ-ਪਾਕਿ ਦੋਸਤੀ ਦੀਆਂ ਮੁਦਈ ਜਥੇਬੰਦੀਆਂ ਨਿਰਾਸ਼ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ 14 ਅਗਸਤ ਨੂੰ ਹਿੰਦ-ਪਾਕਿ ਦੋਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਤਹਿਤ 14-15 ਅਗਸਤ ਦੀ ਦਰਮਿਆਨੀ ਰਾਤ ਨੂੰ ਸਰਹੱਦ ਨੇੜੇ ਮੋਮਬੱਤੀਆਂ ਵੀ ਜਗਾਈਆਂ ਜਾਣਗੀਆਂ।
ਇਸ ਸਬੰਧੀ ਅੱਜ ਹਿੰਦ-ਪਾਕਿ ਦੋਸਤੀ ਮੰਚ ਅਤੇ ਫੋਕਲੋਰ ਰਿਸਰਚ ਅਕੈਡਮੀ ਵੱਲੋਂ ਇੱਥੇ ਸਥਾਨਕ ਵਿਰਸਾ ਵਿਹਾਰ ਕੇਂਦਰ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਹਿੰਦ-ਪਾਕਿ ਦੋਸਤੀ ਮੇਲੇ ਸਬੰਧੀ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਬਾਰੇ ਦੋਸਤੀ ਮੇਲੇ ਦੇ ਪ੍ਰਬੰਧਕ ਸਤਨਾਮ ਸਿੰਘ ਮਾਣਕ, ਰਮੇਸ਼ ਯਾਦਵ ਤੇ ਹੋਰਨਾਂ ਨੇ ਕਿਹਾ ਕਿ ਸਾਰੇ ਦੁਵੱਲੇ ਮਸਲੇ ਗੱਲਬਾਤ ਰਾਹੀਂ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਨਵੀਆਂ ਸਰਕਾਰਾਂ ਸਥਾਪਤ ਹੋਣ ’ਤੇ ਦੁਵੱਲੇ ਸਬੰਧਾਂ ਵਿੱਚ ਆਈ ਖੜੋਤ ਖ਼ਤਮ ਕਰਨ ਬਾਰੇ ਗੱਲਬਾਤ ਦਾ ਸਿਲਸਿਲਾ ਸ਼ੁਰੂ ਹੋਣ ਦੀ ਉਮੀਦ ਸੀ ਪਰ ਅਜਿਹਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰਤੀ ਸਰਹੱਦ ’ਤੇ ਅਤਿਵਾਦੀ ਘਟਨਾਵਾਂ ਵਿੱਚ ਵਾਧਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਦ-ਪਾਕਿ ਦੋਸਤੀ ਦੀਆਂ ਮੁਦਈ ਜਥੇਬੰਦੀਆਂ ਅਤਿਵਾਦ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੇ ਹੱਕ ਵਿੱਚ ਨਹੀਂ ਹਨ।
ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ 14 ਅਗਸਤ ਨੂੰ ਸੈਮੀਨਾਰ ਹੋਵੇਗਾ, ਜਿਸ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਬੁੱਧੀਜੀਵੀ ਸ਼ਾਮਲ ਹੋਣਗੇ ਤੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਬਾਰੇ ਗੱਲ ਕਰਨਗੇ। ਰਾਤ ਨੂੰ ਸਰਹੱਦ ’ਤੇ ਮੋਮਬੱਤੀਆਂ ਜਗਾਈਆਂ ਜਾਣਗੀਆਂ। ਇਸੇ ਤਰ੍ਹਾਂ ਪਾਕਿਸਤਾਨ ਵਾਲੇ ਪਾਸੇ ਵੀ 14 ਅਗਸਤ ਨੂੰ ਸੈਮੀਨਾਰ ਹੋਵੇਗਾ ਅਤੇ ਰਾਤ ਵੇਲੇ ਉਧਰੋਂ ਵੀ ਮੋਮਬੱਤੀਆਂ ਜਗਾਉਣ ਲਈ ਲੋਕ ਸਰਹੱਦ ’ਤੇ ਆਉਣਗੇ।