ਅੰਮ੍ਰਿਤਸਰ (ਪੱਤਰ ਪ੍ਰੇਰਕ): ਸਿੱਖ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਤ੍ਰਿਪੁਰਾ ਵਿਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਅਤੇ ਲੋਕਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣ ਵਿਰੁੱਧ ਹਾਅ ਦਾ ਨਾਅਰਾ ਮਾਰਨ ਵਾਲਿਆਂ ’ਤੇ ਪੁਲੀਸ ਕੇਸ ਦਰਜ ਕਰਨ ਦੀ ਕਾਰਵਾਈ ਨੂੰ ਲੋਕ-ਹੱਕਾਂ ਦਾ ਘਾਣ ਕਰਾਰ ਦਿੱਤਾ ਹੈ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਸਵਿੰਦਰ ਸਿੰਘ ਐਡਵੋਕੇਟ ਨੇ ਬਿਆਨ ਵਿਚ ਕਿਹਾ ਕਿ ਸੁਪਰੀਮ ਕੋਰਟ ਦੇ ਵਕੀਲਾਂ ਅਤੇ ਮਨੁੱਖੀ ਹੱਕਾਂ ਦੇ ਕਾਰਕੁਨਾਂ ਨੇ ਤ੍ਰਿਪੁਰਾ ਵਿਚ ਹੋਈ ਹਿੰਸਾ ਦੀ ਨਿਖੇਧੀ ਕਰ ਕੇ ਕੋਈ ਅਪਰਾਧ ਨਹੀਂ ਕੀਤਾ। ਪਰ ਵਕੀਲਾਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਸਣੇ 102 ਲੋਕਾਂ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤੇ ਹਨ। ਫ਼ਿਰਕੂ ਤਣਾਅ ਪੈਦਾ ਕਰਨ ਦੇ ਦੋਸ਼ ਲਾਏ ਗਏ ਹਨ ਅਤੇ ਯੂਏਪੀਏ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਸੋਸ਼ਲ ਮੀਡੀਆ ਖਾਤੇ ਬੰਦ ਕਰਨ ਲਈ ਨੋਟਿਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਤੋਂ ਜ਼ਾਹਿਰ ਹੁੰਦਾ ਹੈ ਕਿ ਸੂਬਾ ਸਰਕਾਰ ਤੇ ਪੁਲੀਸ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੀ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।