ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਮਾਰਚ
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਕਈ ਪ੍ਰਾਜੈਕਟਾਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚ ਰਹੀ ਹੈ, ਜਿਸ ਵਿਚ ਭਾਖੜਾ ਬਿਆਸ ਪ੍ਰਾਜੈਕਟ ਵੀ ਸ਼ਾਮਲ ਹੈ। ਅੱਜ ਇਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਮਨਫੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਕੋਲੋਂ ਸਮਾਂ ਮੰਗਿਆ ਹੈ ਪਰ ਹੁਣ ਤਕ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਨੀਤੀ ਤਹਿਤ ਕੰਮ ਕਰ ਰਹੀ ਹੈ, ਜਿਸ ਦਾ ਸਿੱਟਾ ਹੈ ਕਿ ਬੀਬੀਐੱਮਬੀ ਮਾਮਲੇ ਵਿਚ ਪੰਜਾਬ ਨੂੰ ਮਨਫੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਵੀ ਅਸਲ ਮੁਦਿਆਂ ਤੋਂ ਧਿਆਨ ਹਟਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੀ ਵਕਾਲਤ ਕਰ ਰਹੀਆਂ ਹਨ। ਉਨ੍ਹਾਂ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵੀ ਜ਼ਿਕਰ ਕੀਤਾ ਹੈ।