ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਸਤੰਬਰ
ਚੰਡੀਗੜ੍ਹ ਹੈਂਡ ਗ੍ਰੇਨੇਡ ਮਾਮਲੇ ਦੇ ਦੋ ਮੁਲਜ਼ਮਾਂ ਰੋਹਨ ਅਤੇ ਵਿਸ਼ਾਲ ਮਸੀਹ ਨੂੰ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹੁਣ ਚੰਡੀਗੜ੍ਹ ਪੁਲੀਸ ਵੱਲੋਂ ਹੈਂਡ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਅਦਾਲਤ ਤੋਂ ਉਨ੍ਹਾਂ ਦਾ ਪ੍ਰੋਡਕਸ਼ਨ ਵਾਰੰਟ ਮੰਗਿਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਸੰਭਾਵਨਾ ਹੈ।
ਰੋਹਨ ਮਸੀਹ ਤੇ ਵਿਸ਼ਾਲ ਮਸੀਹ ਨੇ ਅਮਰੀਕਾ ਰਹਿੰਦੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਪਾਕਿਸਤਾਨ ਦੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰੇ ’ਤੇ ਚੰਡੀਗੜ੍ਹ ਦੇ ਸੈਕਟਰ 10 ਸਥਿਤ ਇੱਕ ਘਰ ’ਤੇ ਕਥਿਤ ਹੈਂਡ ਗ੍ਰੇਨੇਡ ਸੁੱਟਿਆ ਸੀ।