ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਜੁਲਾਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਦਫਤਰ ਵਿੱਚ ਬਣੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਕੰਮ ਕਰਨ ਵਿੱਚ ਆਉਣ ਵਾਲੀਆਂ ਦਿੱਕਤਾਂ ਬਾਰੇ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਇਕ ਵਿਅਕਤੀ ਅਜਿਹਾ ਮਿਲਿਆ, ਜਿਸ ਦਾ ਲੰਮੇ ਅਰਸੇ ਤੋਂ ਕੰਮ ਨਹੀਂ ਸੀ ਹੋ ਰਿਹਾ। ਕੈਬਨਿਟ ਮੰਤਰੀ ਨੇ ਉਸ ਦਾ ਕੇਸ ਸੁਣਿਆ ਅਤੇ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਅਤੇ ਕੰਮ ਕਰਵਾਉਣ ਸਮੇਂ ਇੰਤਜ਼ਾਰ ਕਰਨ ਵਾਲੇ ਸਥਾਨ ਉੱਪਰ ਪੱਖਿਆਂ ਦੀ ਘਾਟ ਮਹਿਸੂਸ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕਮੀ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਇਸ ਮੌਕੇ ਰੁਜ਼ਗਾਰ ਬਿਊਰੋ ਦਾ ਦੌਰਾ ਵੀ ਕੀਤਾ।