ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਸਤੰਬਰ
ਤਰਨਤਾਰਨ ਜ਼ਿਲੇ ਦੇ ਪੱਟੀ ਵਿਖੇ ਅਤੇ ਅੰਮ੍ਰਿਤਸਰ ਵਿੱਚ ਡੱਡੂਆਣਾ ਵਿਖੇ ਚਰਚ ਦੀ ਭੰਨਤੋੜ ਕੀਤੇ ਜਾਣ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਈਸਾਈ ਭਾਈਚਾਰੇ ਵੱਲੋਂ ਇੱਥੇ ਰੇਲਵੇ ਸਟੇਸ਼ਨ ਦੇ ਨੇੜੇ ਰੋਸ ਧਰਨਾ ਦਿੱਤਾ ਗਿਆ ਹੈ। ਇਸ ਰੋਸ ਧਰਨੇ ਦੌਰਾਨ ਆਵਾਜਾਈ ਵੀ ਰੋਕੀ ਗਈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਈ ।ਇਹ ਰੋਸ ਧਰਨਾ ਡੀਸੀਪੀ ਵੱਲੋਂ ਆਈਜੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਨਾਲ ਖ਼ਤਮ ਕੀਤਾ ਗਿਆ ।
ਇਸ ਮਾਮਲੇ ਨੂੰ ਲੈ ਕੇ ਅੱਜ ਦੁਪਹਿਰ ਵੇਲੇ ਮਸੀਹ ਭਾਈਚਾਰੇ ਨਾਲ ਸਬੰਧਤ ਪ੍ਰਦਰਸ਼ਨਕਾਰੀ ਇੱਥੇ ਰੇਲਵੇ ਸਟੇਸ਼ਨ ਦੇ ਸਾਹਮਣੇ ਇਕੱਠੇ ਹੋਏ ਅਤੇ ਉਨ੍ਹਾਂ ਚੌਕ ਵਿੱਚ ਧਰਨਾ ਦੇ ਦਿੱਤਾ। ਧਰਨਾਕਾਰੀਆਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਗੁੰਡਾਗਰਦੀ ਬੰਦ ਕਰਨ ਦੇ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਮਸੀਹੀ ਆਗੂ ਅਵਤਾਰ ਸਿੰਘ ਨੇ ਆਖਿਆ ਕਿ ਅੱਜ ਇਸ ਸਬੰਧ ਵਿੱਚ ਮਸੀਹ ਭਾਈਚਾਰੇ ਦੇ ਲੋਕ ਇੱਥੇ ਚਰਚ ਵਿੱਚ ਇਕੱਠੇ ਹੋਏ ਸਨ ਅਤੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ,ਜਿਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਥੇ ਧਰਨਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈਕੇ ਮਸੀਹ ਭਾਈਚਾਰੇ ਦਾ ਇੱਕ ਵਫ਼ਦ ਡੀਜੀਪੀ ਨੂੰ ਵੀ ਮਿਲਿਆ ਅਤੇ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਉਹ ਬੀਤੇ ਕੱਲ੍ਹ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਨੂੰ ਵੀ ਮਿਲੇ ਹਨ ਅਤੇ ਡੱਡੂਆਣਾ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਵਿਚ ਹੋ ਰਹੀ ਦੇਰ ਕਾਰਨ ਮਸੀਹੀ ਭਾਈਚਾਰੇ ਵਿੱਚ ਰੋਸ ਹੈ।
ਇਸ ਮੌਕੇ ਪੁਲੀਸ ਕਮਿਸ਼ਨਰੇਟ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਰੋਸ ਵਿਖਾਵਾ ਕਰ ਰਹੇ ਮਸੀਹੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੁਲੀਸ ਵੱਲੋਂ ਚਰਚ ਭੰਨਤੋੜ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਦੇ ਆਈਜੀ ਬਾਰਡਰ ਰੇਂਜ ਨਾਲ ਵੀ ਮੀਟਿੰਗ ਕਰਵਾਈ ਜਾ ਰਹੀ ਹੈ।
ਇੱਥੇ ਦੱਸਣਯੋਗ ਹੈ ਕਿ ਮਸੀਹ ਭਾਈਚਾਰੇ ਵੱਲੋਂ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਬੰਦ ਦਾ ਸੱਦਾ ਦਿੱਤਾ ਸੀ। ਡੀਸੀਪੀ ਨੇ ਦੱਸਿਆ ਕਿ ਮਸੀਹੀ ਭਾਈਚਾਰੇ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਦੇ ਬੰਦ ਨੂੰ ਰੱਦ ਕਰਵਾਇਆ ਗਿਆ ਹੈ।ਇਸ ਦੌਰਾਨ ਰੇਲਵੇ ਸਟੇਸ਼ਨ ਨੇੜੇ ਦਿੱਤੇ ਗਏ ਧਰਨੇ ਦੇ ਕਾਰਨ ਇਸ ਇਲਾਕੇ ਵਿੱਚ ਸਮੁੱਚੀ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਲੰਮੇ ਜਾਮ ਦਾ ਪ੍ਰਭਾਵ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਆਵਾਜਾਈ ਤੇ ਪਿਆ ਹੈ । ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਈ।