ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 4 ਅਗਸਤ
ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਫ਼ਾਈ ਦੇ ਪ੍ਰਬੰਧ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਦੀ ਮਾੜੀ ਸਫ਼ਾਈ ਵਿਵਸਥਾ ਸਬੰਧੀ ਚਰਚਾ ਕੀਤੀ ਗਈ ਸੀ ਜਿਸ ’ਤੇ ਨਿਗਮ ਕਮਿਸ਼ਨਰ ਨੇ ਹਲਕੇ ਵਿੱਚ ਚੀਫ਼ ਸੈਨੇਟਰੀ ਇੰਸਪੈਕਟਰਾਂ ਤੇ ਸੈਨੇਟਰੀ ਇੰਸਪੈਕਟਰਾਂ ਦੀ ਗਿਣਤੀ ਵਧਾ ਦਿੱਤੀ ਸੀ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਸਫ਼ਾਈ ਪ੍ਰਣਾਲੀ ਨੂੰ ਲੈ ਕੇ ਵੀ ਸਫ਼ਾਈ ਮਸ਼ੀਨਰੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਮੌਜੂਦਾ ਸਮੇਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਵੇਰੇ, ਦੁਪਹਿਰ ਅਤੇ ਰਾਤ ਤਿੰਨ ਪੜਾਵਾਂ ਵਿੱਚ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝਬਾਲ ਰੋਡ ’ਤੇ ਸਥਿਤ ਕੂੜਾ ਟਰਾਂਸਫਰ ਪੁਆਇੰਟ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਪੁਆਇੰਟ ਦੇ ਨਾਲ ਲੱਗਦੀ ਸੜਕ ’ਤੇ ਕੂੜਾ ਨਹੀਂ ਸੁੱਟਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ ਸੜਕ ’ਤੇ ਕੂੜਾ ਸੁੱਟਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਰਸਿੰਗ ਕਾਲਜ ਅਤੇ ਰੇਲਵੇ ਫਾਟਕ ਇਸ ਥਾਂ ਦੇ ਨਾਲ ਹੀ ਪੈਂਦੇ ਹਨ ਜਿਸ ਕਾਰਨ ਇਸ ਪੁਆਇੰਟ ਦੇ ਵਿਚਕਾਰ ਸੜਕ ਵੀ ਬਣਾਈ ਜਾਵੇਗੀ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ।