ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਅਤੇ ਜਲਦੀ ਹੀ ਇਕ ਸਮਾਗਮ ਕਰ ਕੇ ਤਰਸ ਦੇ ਆਧਾਰ ’ਤੇ ਨਿਯੁਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਅੰਮ੍ਰਿਤਸਰ ਪੁੱਜਣ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਪੁਲੀਸ ਦੀ ਟੁੱਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਭ ਦਾ ਫਰਜ਼ ਬਣਦਾ ਹੈ ਕਿ ਸਮਾਜ ਵਿੱਚ ਬਿਨਾਂ ਜਾਤ-ਪਾਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖਿਆ ਜਾਵੇ। ਅੰਮ੍ਰਿਤਸਰ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿਥੇ ਭਗਵਾਨ ਵਾਲਮੀਕਿ ਨੇ ਇਸ ਧਰਤੀ ’ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ। ਇਸ ਮੌਕੇ ਧੂਨਾ ਸਾਹਿਬ ਟਰੱਸਟ ਵੱਲੋਂ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਸਮੇਤ ਹੋਰ ਅਧਿਕਾਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਸੰਤ ਮਲਕੀਤ ਨਾਥ, ਰਵਿੰਦਰ ਹੰਸ, ਓਪੀ ਗੱਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।