ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 13 ਜੁਲਾਈ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਤੁਲੀ ਲੈਬ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤਕ ਪੰਜਾਬ ਵਿਚ 3.65 ਲੱਖ ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 6625 ਲੋਕਾਂ ਦੇ ਟੈਸਟ ਪਾਜ਼ੇਟਿਵ ਆਏ ਅਤੇ 78 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਇੱਥੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਜਿਹੜਾ ਵੀ ਵਿਅਕਤੀ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਦੇ ਘਰ ਵਾਲਿਆਂ ਤੋਂ ਇਲਾਵਾ ਉਸ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਵੀ ਟੈਸਟ ਕੀਤੇ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸੈਂਪਲਾਂ ਦੀ ਗਿਣਤੀ ਵਧਾਈ ਜਾਵੇ ਅਤੇ ਲੋਕਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਫਾਇਰ ਬ੍ਰਿਗੇਡ ਗੱਡੀਆਂ ਰਾਹੀਂ ਸਾਰੇ ਸ਼ਹਿਰ, ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸੈਨੇਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਚੁੱਕਾ ਹੈ। ਇਸ ਲਈ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਫੌਗਿੰਗ ਵੀ ਕਰਵਾਈ ਜਾਵੇ ਤਾਂ ਜੋ ਡੇਂਗੂ ਦੇ ਡੰਗ ਤੋਂ ਬਚਿਆ ਜਾ ਸਕੇ।