ਪੱਤਰ ਪ੍ਰੇਰਕ
ਅੰਮ੍ਰਿਤਸਰ, 16 ਮਾਰਚ
ਸਥਾਨਕ ਦਫ਼ਤਰ ਵਿੱਚ ਸੀਪੀਆਈ ਐੱਮਐੱਲ ਲਬਿਰੇਸ਼ਨ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਅੱਜ ਕਾਮਰੇਡ ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਿਛਲੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਭਵਿੱਖ ਦੇ ਕੰਮ ਉਲੀਕੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਬਿਰੇਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਜਨਰਲ ਸਕੱਤਰ ਕਾਮਰੇਡ ਬਲਬੀਰ ਸਿੰਘ ਝਾਮਕਾ ਨੇ ਦੱਸਿਆ ਕਿ ਕੇਂਦਰੀ ਕਮੇਟੀ ਦੇ ਸੱਦੇ ਤਹਿਤ ਪਾਰਟੀ ਵੱਲੋਂ ਪਿੰਡਾਂ ਤੋਂ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਲਈ ਸਾਥੀਆਂ ਨੂੰ ਵੱਧ ਤੋਂ ਵੱਧ ਸਰਗਰਮੀ ਕਰਨ ਦਾ ਸੱਦਾ ਦਿੰਦਿਆਂ ਕਾਮਰੇਡ ਝਾਮਕਾ ਨੇ ਕਿਹਾ ਕਿ ਪਾਰਟੀ ਵੱਲੋਂ ਮਜ਼ਦੂਰਾਂ-ਕਿਸਾਨਾਂ ਅਤੇ ਆਮ ਕਿਰਤੀਆਂ ਦੇ ਹੱਕਾਂ ਦੀ ਲੜਾਈ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨੌਜਵਾਨਾਂ, ਮਜ਼ਦੂਰਾਂ, ਕਿਸਾਨਾਂ, ਔਰਤਾਂ ਅਤੇ ਸਨਅਤੀ ਕਾਮਿਆਂ ਅਤੇ ਆਮ ਕਿਰਤੀਆਂ ਦੇ ਸੰਗਠਨਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਕਾਰਕੁਨ ਸਰਗਰਮ ਭੂਮਿਕਾ ਨਿਭਾਉਣ।