ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਨਵੰਬਰ
ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵੱਲੋਂ ਸੰਸਥਾ ਦੇ ਕੈਂਪਸ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸੀਕੇਡੀ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਗਾਇਨ ਮੁਕਾਬਲੇ ਕਰਵਾਏ ਹਨ। ਸੰਸਥਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਮੁਕਾਬਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ ਸਨ। ਇਨ੍ਹਾਂ ਵਿੱਚ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੀਆਂ ਲਗਪਗ 33 ਟੀਮਾਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਬਾਣੀ ਨਾਲ ਸੰਬੰਧਿਤ ਗੁਰਬਾਣੀ ਦਾ ਕੀਰਤਨ ਪੁਰਾਤਨ ਤੰਤੀ ਸਾਜਾਂ ਦੀ ਮਦਦ ਨਾਲ ਅਤੇ ਨਿਰਧਾਰਤ ਰਾਗਾਂ ਵਿੱਚ ਕੀਤਾ।
ਇਸ ਮੌਕੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ,ਵਧੀਕ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਤੇ ਜਸਪਾਲ ਸਿੰਘ ਢਿੱਲੋਂ ਬੱਚਿਆਂ ਨੂੰ ਆਸ਼ੀਰਵਾਦ ਦੇਣ ਅਤੇ ਹੌਸਲਾ-ਅਫ਼ਜ਼ਾਈ ਵਾਸਤੇ ਪੁੱਜੇ ਹੋਏ ਸਨ। ਸ੍ਰੀ ਹਰਿਮੰਦਰ ਸਾਹਿਬ ਤੋਂ ਕੁਝ ਹਜ਼ੂਰੀ ਰਾਗੀ ਅਤੇ ਹੋਰ ਸੰਗੀਤ ਮਾਹਿਰ ਬਤੌਰ ਜੱਜ ਪੁੱਜੇ ਹੋਏ ਸਨ।