ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਜ਼ਿਲ੍ਹਾ ਕਾਂਗਰਸ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਦੀ ਅਗਵਾਈ ਹੇਠ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਸਥਾਨਕ ਹਾਲਗੇਟ ਤੋਂ ਜੱਲ੍ਹਿਆਂਵਾਲਾ ਬਾਗ਼ ਤੱਕ ਕੱਢੀ ਗਈ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਹ ਤਿਰੰਗਾ ਵੀ ਸ਼ਹੀਦਾਂ ਦੀ ਬਦੌਲਤ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਅੱਜ ਇਸ ਤਿਰੰਗਾ ਯਾਤਰਾ ਦਾ ਮਕਸਦ ਲੋਕਾਂ ਨੂੰ ਆਪਣੀ ਆਜ਼ਾਦੀ ਅਤੇ ਤਿਰੰਗੇ ਦੀ ਸ਼ਾਨ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਿਰੰਗਾ ਯਾਤਰਾ ਵਿੱਚ ਸਾਬਕਾ ਮੰਤਰੀ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਲੋਕ ਹਾਜ਼ਰ ਸਨ।
ਚੌਧਰੀ ਮੰਗੂਪੁਰ ਦੀ ਅਗਵਾਈ ਹੇਠ ਤਿਰੰਗਾ ਪੈਦਲ ਮਾਰਚ
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਰੱਤੇਵਾਲ ਤੋਂ ਅਨਾਜ ਮੰਡੀ ਬਲਾਚੌਰ ਤੱਕ ਤਿਰੰਗਾ ਪੈਦਲ ਮਾਰਚ ਕੱਢਿਆ ਗਿਆ, ਜੋ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਅਨਾਜ ਮੰਡੀ ਬਲਾਚੌਰ ਵਿੱਚ ਪੁੱਜ ਕੇ ਸਮਾਪਤ ਹੋਇਆ। ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਉਹ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।