ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਾਰਚ
ਸ੍ਰੀ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਅਤੇ ਸੰਤ ਮਹਾਪੁਰਸ਼ਾਂ ਦੇ ਸਹਿਯੋਗ ਨਾਲ ਇਹ ਪਾਠ ਬੋਧ ਸਮਾਗਮ 16 ਅਪਰੈਲ ਤਕ ਚੱਲੇਗਾ। ਸਮਾਗਮ ਦੌਰਾਨ ਸਕੂਲੀ ਬਚੀਆਂ, ਔਰਤਾਂ ਅਤੇ ਨੌਜਵਾਨ ਵਰਗ ਵੱਲੋਂ ਵੀ ਗੁਰਬਾਣੀ ਸੰਥਿਆ ਪ੍ਰਤੀ ਖ਼ਾਸ ਰੁਚੀ ਦੇਖਣ ਨੂੰ ਮਿਲੀ।
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਦੌਰਾਨ ਦਮਦਮੀ ਟਕਸਾਲ ਵਲੋਂ ਗੁਰਬਾਣੀ ਸੰਥਿਆ, ਪ੍ਰਚਾਰ ਅਤੇ ਪਸਾਰ ਵੱਲ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਦਮਦਮੀ ਟਕਸਾਲ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ’ਤੇ ਕੀਤੇ ਜਾ ਰਹੇ ਸਮਾਗਮ ਨੂੰ ਇਤਿਹਾਸਕ ਕਰਾਰ ਦਿੱਤਾ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਦੇ ਗ਼ਲਤ ਉਚਾਰਨ ਨੂੰ ਸ਼ਬਦ ਗੁਰੂ ਦੀ ਬੇਅਦਬੀ ਦੇ ਤੁੱਲ ਦੱਸਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਧ ਪਾਠ ਬੋਧ ਦੀਆਂ ਵਿਸ਼ੇਸ਼ਤਾਵਾਂ ਅਤੇ ਇਤਿਹਾਸਕ ਪੱਖ ’ਤੇ ਰੌਸ਼ਨੀ ਪਾਈ। ਬਾਬਾ ਹਰਨਾਮ ਸਿੰਘ ਖ਼ਾਲਸਾ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ’ਚ ਹਿੱਸਾ ਲੈ ਕੇ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਗੁਰਬਾਣੀ ਦੀਆਂ ਸੈਂਚੀਆਂ ਵੰਡੀਆਂ ਜਾਣਗੀਆਂ। ਦੂਰੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਭਾਈ ਗੁਰਇਕਬਾਲ ਸਿੰਘ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ, ਸਰਪ੍ਰਸਤ ਭਾਗ ਸਿੰਘ ਅਣਖੀ, ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸ਼੍ਰੋਮਣੀ ਕਮੇਟੀ ਦੇ ਚੀਫ਼ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਕਸਾਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।