ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 8 ਅਗਸਤ
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਾਲ ਬਾਜ਼ਾਰ ਦੇ ਬਾਹਰਵਾਰ ਸਥਿਤ ਬਿਜਲੀ ਵਿਭਾਗ ਦੇ ਦਫਤਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਸਮੇਂ ਸਿਰ ਡਿਊਟੀ ’ਤੇ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਈ.ਟੀ.ਓ ਨੇ ਦਫਤਰ ਵਿੱਚ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਬਿਜਲੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਬਿਜਲੀ ਮੰਤਰੀ ਵੱਲੋਂ ਸਿਵਲ ਲਾਈਨ, ਗੇਟ ਹਕੀਮਾਂ, ਸਿਟੀ ਸੈਂਟਰ ਅਤੇ ਇੰਡਸਟਰੀ ਸਰਕਲ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਈ.ਟੀ.ਓ. ਨੇ ਹਰੇਕ ਕਰਮਚਾਰੀ ਕੋਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਐਂਪਲਾਈਜ਼ ਫੈਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀ ਸਟਾਫ ਸਰਵਿਸ ਯੂਨੀਅਨਾਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਈ.ਟੀ.ਓ ਨੇ ਸਬੰਧਤ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।