ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਜਨਵਰੀ
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਸੱਦੇ ਅਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਪੀਲ ਤਹਿਤ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਅਧਿਆਪਕਾਂ, ਜੰਗਲਾਤ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਹੋਰ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੇ ਕਾਂਗਰਸੀ ਹਾਕਮਾਂ ਦੇ ਧੱਕੇ ਖ਼ਿਲਾਫ਼ ਸਰਕਾਰੀ ਲਾਰਿਆਂ ਦੀ ਲੋਹੜੀ ਬਾਲ਼ੀ। ਦੁੱਲਾ ਭੱਟੀ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਮੁਲਾਜ਼ਮਾਂ ਨੇ ਸੰਘਰਸ਼ੀ ਲੋਹੜੀ ਮਨਾਈ ਅਤੇ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਕਰਕੇ ਰੋਲਣ ਵਾਲੀ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ, ਜੰਗਲਾਤ ਨਰਸਰੀਆਂ ਅਤੇ ਦਫ਼ਤਰਾਂ ਦੇ ਅੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀਆਂ ਤਸਵੀਰਾਂ ਅਤੇ ਪੰਜਾਬ ਕਾਂਗਰਸ ਦੇ ਮੈਨੀਫੈਸਟੋ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਇਸ ਮੌਕੇ ਮੁਲਾਜ਼ਮ ਆਗੂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਮਮਤਾ ਸ਼ਰਮਾ ਅਤੇ ਰਛਪਾਲ ਸਿੰਘ ਜੋਧਾਨਗਰੀ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿਚਲੇ 36 ਹਜ਼ਾਰ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਣ ਕੀਤਾ ਸੀ ਪਰ ਇਹ ਐਲਾਨ ਝੂਠਾ ਸਾਬਤ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧ ਵਿੱਚ ਝੂਠੇ ਇਸ਼ਤਿਹਾਰ ਲਗਾ ਕੇ ਜਿੱਥੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ, ਉਥੇ ਹੀ ਖਾਲੀ ਅਸਾਮੀਆਂ ’ਤੇ ਕੋਈ ਵੀ ਭਰਤੀ ਨਾ ਕਰਕੇ ਬੇ-ਰੁਜ਼ਗਾਰ ਨੌਜਵਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਅੰਦਰ ਕੰਮ ਕਰਦੀਆਂ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਗਿਆ।
6ਵੇਂ ਤਨਖਾਹ ਕਮਿਸ਼ਨ ਤਹਿਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਪੇ-ਫਿਕਸੇਸ਼ਨ ’ਤੇ 2.72 ਗੁਣਾਂਕ ਲਾਗੂ ਨਹੀਂ ਕੀਤਾ। ਮੁਲਾਜ਼ਮਾਂ ਨੂੰ ਪਹਿਲਾਂ ਤੋਂ ਮਿਲ ਰਹੇ ਪੇਂਡੂ ਏਰੀਆ ਭੱਤਾ, ਬਾਰਡਰ ਏਰੀਆ ਭੱਤਾ ਅਤੇ ਅੰਗਹੀਣ ਭੱਤੇ ਸਮੇਤ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਦੇ ਲਾਭ ਰੋਕ ਲਏ ਗਏ ਹਨ। ਪਰਖ ਸਮਾਂ ਐਕਟ-2015 ਰੱਦ ਨਹੀਂ ਕੀਤਾ ਅਤੇ 01-01-16 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਪਰਖ ਸਮੇਂ ਦੇ ਸਾਰੇ ਬਕਾਏ ਦੱਬ ਲਏ ਹਨ। 01-01-04 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਨਹੀਂ ਕੀਤੀ ਗਈ ਅਤੇ ਨਾ ਹੀ 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਕੀਤਾ ਹੈ। ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿੱਚ ਰਲੇਵਾਂ ਨਹੀਂ ਕੀਤਾ ਗਿਆ। 180 ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੂੰ ਮੁੱਢਲੇ ਭਰਤੀ ਇਸ਼ਤਿਹਾਰ ਅਨੁਸਾਰ ਪੰਜਾਬ ਦੇ ਸਕੇਲ ਲਾਗੂ ਨਹੀਂ ਕੀਤੇ ਗਏ।
ਇਸੇ ਤਰ੍ਹਾਂ ਕਈ ਹੋਰ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਹੈ । ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਇਆ ਜਾਵੇਗਾ। ਰੋਸ ਪ੍ਰਦਰਸ਼ਨਾਂ ਵਿੱਚ ਗੁਰਬਿੰਦਰ ਸਿੰਘ ਖਹਿਰਾ, ਹਰਿੰਦਰ ਕੁਮਾਰ ਐਮਾਂ, ਗੁਰਦੀਪ ਸਿੰਘ ਕਲੇਰ, ਰਾਜੇਸ਼ ਪ੍ਰਾਸ਼ਰ, ਗੁਰਦੇਵ ਸਿੰਘ ਬਾਸਰਕੇ ਅਤੇ ਸੁਖਜਿੰਦਰ ਸਿੰਘ ਰਈਆ ਵੀ ਹਾਜਰ ਸਨ।