ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਨਵੰਬਰ
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਹਰ ਯੋਗ ਨਾਗਰਿਕ ਨੂੰ ਕਰੋਨਾ ਤੋਂ ਬਚਾਅ ਦਾ ਟੀਕਾ ਜ਼ਰੂਰ ਲਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੇ ਐਸਡੀਐਮ, ਸਿਵਲ ਸਰਜਨ, ਟੀਕਾਕਰਨ ਅਫ਼ਸਰ, ਜ਼ਿਲ੍ਹੇ ਦੇ ਐਸਐਮਓਜ਼ ਨੂੰ ਸਪੱਸ਼ਟ ਕੀਤਾ ਕਿ ਕੁੱਝ ਦੇਸ਼ਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਵਧ ਰਹੇ ਕੇਸ ਖ਼ਤਰੇ ਦੀ ਘੰਟੀ ਹਨ। ਇਸ ਲਈ ਇਸ ਖ਼ਤਰੇ ਨੂੰ ਭਾਂਪਦੇ ਹੋਏ ਜਿਨ੍ਹਾਂ ਨੂੰ ਕਰੋਨਾ ਤੋਂ ਬਚਾਅ ਦਾ ਟੀਕਾ ਲੱਗ ਸਕਦਾ ਹੈ, ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਲੋੜ ਪਵੇ ਤਾਂ ਘਰ-ਘਰ ਤੱਕ ਪਹੁੰਚ ਕੀਤੀ ਜਾਵੇ। ਉਹ ਜ਼ਿਲ੍ਹੇ ਵਿਚ ਕਰੋਨਾ ਤੋਂ ਬਚਾਅ ਲਈ ਕੀਤੀ ਜਾ ਰਹੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਸਰਕਾਰੀ ਕਰਮਚਾਰੀਆਂ ਵੱਲੋਂ ਟੀਕਾਕਰਨ ਪ੍ਰਤੀ ਵਰਤੀ ਜਾ ਰਹੀ ਲਾਪਰਵਾਹੀ ਦਾ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖਜ਼ਾਨਾ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕੱਲ੍ਹ ਤੱਕ ਸਾਰੇ ਕਰਮਚਾਰੀਆਂ ਦਾ ਡੇਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹੀਨੇ ਤੋਂ ਜੋ ਵੀ ਸਰਕਾਰੀ ਕਰਮਚਾਰੀ ਟੀਕਾਕਰਨ ਨਹੀਂ ਲਗਵਾਏਗਾ, ਉਸ ਦੀ ਤਨਖ਼ਾਹ ਰੋਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਕਰਮਚਾਰੀ ਦੀ ਕੋਈ ਸਿਹਤ ਸਮੱਸਿਆ ਉਸ ਨੂੰ ਟੀਕਾਕਰਨ ਕਰਵਾਉਣ ਤੋਂ ਰੋਕਦੀ ਹੈ ਤਾਂ ਉਹ ਇਸ ਲਈ ਡਾਕਟਰ ਦਾ ਸਰਟੀਫਿਕੇਟ ਦੇਵੇ।
ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭ ਚੋਣਾਂ ਵਿਚ ਲੋਕਾਂ ਦਾ ਆਪਸੀ ਰਾਬਤਾ ਵਧੇਗਾ। ਇਸ ਲਈ ਜ਼ਰੂਰੀ ਹੈ ਕਿ ਹਰ ਹਾਲ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਰੋਕੂ ਟੀਕਾ ਲਗਾਇਆ ਜਾਵੇ। ਇਸ ਲਈ ਉਨ੍ਹਾਂ ਕੌਂਸਲਰ, ਪੰਚ, ਸਰਪੰਚਾਂ ਦਾ ਸਹਿਯੋਗ ਲੈਣ ਦੇ ਨਾਲ-ਨਾਲ ਟੀਕਾਕਰਨ ਲਈ ਆਰਜ਼ੀ ਕੈਂਪ ਲਾਉਣ ਦੀ ਹਦਾਇਤ ਕੀਤੀ।