ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜੁਲਾਈ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋ ਦੋ ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਖਰੜ ਦੇ ਇੱਕ ਫਲੈਟ ਤੋਂ ਸਰਗਨੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਰੋਹ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਬਾਕੀ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਵਜੋਂ ਹੋਈ ਹੈ। ਮੁਲਜਮ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖ਼ਿਲਾਫ਼ ਸੱਤ ਕੇਸ ਦਰਜ ਹਨ। ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਨਾਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖ਼ਤ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ ’ਤੇ ਪੁਲੀਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ ਅਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲੀਸ ਟੀਮਾਂ ਨੇ ਇੱਕ ਫਲੈਟ ’ਤੇ ਛਾਪਾ ਮਾਰ ਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਸਲਾ ਬਰਾਮਦ ਕੀਤਾ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀ ਦੀ ਉਮੀਦ ਹੈ।