ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਨਵੰਬਰ
ਸਿੱਖ ਸੰਪਰਦਾਇ ਦਲ ਬਾਬਾ ਬਿਧੀ ਚੰਦ ਵੱਲੋਂ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਜੀ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਕਥਾਵਾਚਕਾਂ ਨੇ ਗੁਰਬਾਣੀ ਅਤੇ ਗੁਰ-ਇਤਿਹਾਸ ਦੀ ਕਥਾ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸਿੱਖਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਲੋੜ ’ਤੇ ਜ਼ੋਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਬਾਬਾ ਬਿਧੀ ਚੰਦ ਵੱਲੋਂ ਕਰਵਾਏ ਪਰੰਪਰਾਗਤ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ। ਇਸ ਦੌਰਾਨ ਨਿਹੰਗ ਸਿੰਘ ਫ਼ੌਜਾਂ ਵੱਲੋਂ ਰਵਾਇਤੀ ਮਹੱਲਾ ਵੀ ਸਜਾਇਆ ਗਿਆ ਜੋ ਡੇਰਾ ਬਾਬਾ ਸਵਾਇਆ ਸਿੰਘ ਤੋਂ ਆਰੰਭ ਹੋਇਆ ਅਤੇ ਅਗਾਂਹ ਇਸ ਵਿੱਚ ਬੁੱਢਾ ਦਲ ਤੇ ਹੋਰ ਨਿਹੰਗ ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ।