ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਅੱਜ ਅਹੁਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨਾਲ ਓਐੱਸਡੀ ਵਜੋਂ ਸਤਬੀਰ ਸਿੰਘ ਧਾਮੀ ਸੇਵਾਵਾਂ ਨਿਭਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓਐੱਸਡੀ ਵਜੋਂ ਸੇਵਾ ਨਿਭਾ ਰਹੇ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।