ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਸਟਿਲਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਖਾਸਾ ਡਿਸਟਿਲਰੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਨਜਾਇਜ਼ ਸ਼ਰਾਬ ਮਾਮਲੇ ਵਿਚ 14 ਹੋਰ ਕੇਸ ਦਰਜ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਜਾਇਜ਼ ਸ਼ਰਾਬ ਅਤੇ ਸਪਿਰਟ ਬਰਾਮਦ ਹੋਈ ਹੈ। ਮੁੱਖ ਮੰਤਰੀ ਅਤੇ ਡੀਜੀਪੀ ਵਲੋਂ ਨਜਾਇਜ਼ ਸ਼ਰਾਬ ਕਾਰੋਬਾਰੀਆਂ ਤੋਂ ਇਲਾਵਾ ਡਿਸਟਿਲਰੀਆਂ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ। ਇਸੇ ਤਹਿਤ ਅੱਜ ਐਸਡੀਐਮ ਸ਼ਿਵਰਾਜ ਸਿੰਘ ਬੱਲ ਅਤੇ ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਵਲੋਂ ਖਾਸਾ ਡਿਸਟਿਲਰੀ ਦੀ ਜਾਂਚ ਕੀਤੀ ਗਈ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐਸਐਸਪੀ ਧਰੁਵ ਦਾਹੀਆ ਨੇ ਦਸਿਆ ਕਿ ਜਾਂਚ ਦੌਰਾਨ ਡਿਸਟਿਲਰੀ ਦੇ ਸਟਾਕ ਰਜਿਸਟਰ ਨੂੰ ਚੈੱਕ ਕੀਤਾ ਗਿਆ ਤੇ ਪੁੱਛ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਕਾਰਖਾਨੇ ਦੇ ਕਰਮਚਾਰੀਆਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ।