ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਸਤੰਬਰ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋ ਧਰਮਾਂ ਵਿੱਚ ਮਤਭੇਦ ਪੈਦਾ ਕਰਨ ਲਈ ਸੋਸ਼ਲ ਮੀਡੀਆ ਮੰਚ ’ਤੇ ਕੀਤੇ ਜਾ ਰਹੇ ਨਫਰਤੀ ਪ੍ਰਚਾਰ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਿੱਖ ਕੌਮ ਨੂੰ ਅਜਿਹੇ ਨਫਰਤੀ ਪ੍ਰਚਾਰ ਤੋਂ ਸੁਚੇਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਵਿਚ ਸੋਸ਼ਲ ਮੀਡੀਆ ਮੰਚ ’ਤੇ ਸਿੱਖਾਂ ਅਤੇ ਮੁਸਲਮਾਨਾਂ ਦੇ ਭੇਸ ਅਤੇ ਨਾਵਾਂ ਵਾਲੇ ਖਾਤੇ ਬਣਾ ਕੇ ਸਿੱਖ ਅਤੇ ਇਸਲਾਮ ਧਰਮ ਵਿਚਾਲੇ ਟਕਰਾਅ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਸਬੰਧੀ ਕੁਝ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇਹ ਕਿਸੇ ਸਮਾਜ ਵਿਰੋਧੀ ਸ਼ਕਤੀ ਦੀ ਡੂੰਘੀ ਸਾਜ਼ਿਸ਼ ਹੈ, ਜੋ ਦੋਵਾਂ ਧਰਮਾਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੀ ਹੈ। ਉਨ੍ਹਾਂ ਇਸ ਸਬੰਧੀ ਦੋਵਾਂ ਧਰਮਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ।